Close

Recent Posts

ਪੰਜਾਬ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ
  • PublishedJanuary 31, 2023

ਰਾਜ ਪੱਧਰੀ ਜਨਤਾ ਦਰਬਾਰ ਰਾਹੀਂ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸ਼ਿਕਾਇਤਾਂ

ਚੰਡੀਗੜ੍ਹ, 31 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਤਫਸੀਲ ਸਹਿਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾਣੀਆਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਹ ਗੱਲ ਬਹੁਤ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਦਾ ਟੀਚਾ ਹਰੇਕ ਸੂਬਾ ਵਾਸੀ ਦੀਆਂ ਮੁਸ਼ਕਿਲਾਂ ਦੂਰ ਕਰਨਾ ਹੈ ਅਤੇ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੇ ਇਸੇ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਆਨ ਲਾਈਨ ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿਚ ਦਿੱਤੇ ਗਏ ਆਨ ਲਾਈਨ ਲਿੰਕ ਰਾਹੀਂ ਜੁੜ ਕੇ ਕੋਈ ਵੀ ਵਿਅਕਤੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੱਸਿਆਂਵਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਭਰਪੂਰ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰੇਕ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਜ਼ਮੀਨ ਹੇਠਲਾ ਪਾਣੀ ਪੀਣਯੋਗ ਨਹੀਂ ਅਤੇ ਜਿੱਥੇ ਹਾਲੇ ਤੱਕ ਨਹਿਰੀ ਪਾਣੀ ਦੀ ਪਹੁੰਚ ਨਹੀਂ ਹੋਈ ਉੱਥੇ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਜਾਂ ਆਰ.ਓ. ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਇੱਥੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪਾਣੀ ਦੀ ਕੁਆਲਿਟੀ ਮਾਪਣ ਲਈ ਸੂਬੇ ਵਿਚ 31 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਵਾਟਰ ਟੈਸਟਿੰਗ ਲੈਬਾਂ ‘ਚੋਂ 1 ਰਾਜ ਪੱਧਰੀ, 6 ਖੇਤਰ ਪੱਧਰੀ, 17 ਜ਼ਿਲ੍ਹਾ ਲੈਬਾਂ ਅਤੇ 7 ਬਲਾਕ ਪੱਧਰੀ ਲੈਬਾਂ ਹਨ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।

Written By
The Punjab Wire