ਪਾਕਿਸਤਾਨ ਵੱਲੋਂ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਵਿਰੁੱਧ ਲਾਮਬੱਧ ਹੋ ਕੇ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ – ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ
ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ
ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਗਠਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਲਾਘਾ ਕੀਤੀ
ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਬਾਦ ਹੁਨਰ ਹੱਟ ਦਾ ਨਿਰੀਖਣ
ਗੁਰਦਾਸਪੁਰ, 1 ਫਰਵਰੀ (ਮੰਨਣ ਸੈਣੀ) । ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਾਕਿਸਤਾਨ ਵੱਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸਦਾ ਮੂੰਹਤੋੜ ਜਵਾਬ ਦੇਣ। ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਕ ਹੋਟਲ ਮੈਨਜਮੈਂਟ ਸੰਸਥਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰ ਵਿਅਤਕੀਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਰੂਬਰੂ ਹੋ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਦੇਸ਼ ਦੀ ਸੁਰੱਖਿਆ ਸਬੰਧੀ ਲੋਕਾਂ ਵਿੱਚ ਲਿਆਂਦੀ ਜਾ ਰਹੀ ਜਾਗਰੂਕਤਾ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ। ਇਸ ਮੌਕੇ ਸਰਹੱਦੀ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੇ ਵੀ ਆਪਣੇ ਵਿਚਾਰ ਰਾਜਪਾਲ ਪੰਜਾਬ ਨਾਲ ਸਾਂਝੇ ਕੀਤੇ।
ਇਸਤੋਂ ਪਹਿਲਾਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦੀਆਂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਵੱਲੋਂ ਅਬਾਦ ਹੁਨਰ ਹੱਟ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ ਅਤੇ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸੁਰੱਖਿਆ ਲਈ ਪੂਰੀ ਤਰਾਂ ਗੰਭੀਰ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਹਰ ਸਾਲ ਪੰਜਾਬ ਪੁਲਿਸ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਨੌਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਹੋਣ ਦੇ ਵੱਧ ਮੌਕੇ ਮਿਲ ਸਕਣਗੇ। ਉਨ੍ਹਾਂ ਨੇ ਰਾਜਪਾਲ ਪੰਜਾਬ ਨੂੰ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ‘ਜੀ ਆਇਆਂ ਨੂੰ’ ਵੀ ਕਿਹਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰਹਿਤ ਅਤੇ ਹੋਰ ਆਏ ਸਾਰੇ ਮਹਿਮਾਨਾਂ ਦਾ ਜ਼ਿਲ੍ਹਾ ਗੁਰਦਾਸਪੁਰ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਅਬਾਦ ਕੈਂਪਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਉਪਰੰਤ ਮਾਣਯੋਗ ਰਾਜਪਾਲ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਦੇਸ਼ ਦੀ ਸੁਰੱਖਿਆ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ। ਇਸੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਧਾਰੀਵਾਲ ਦੀ ਬੰਦ ਪਈ ਵੂਲਨ ਮਿੱਲ ਨੂੰ ਮੁੜ ਸ਼ੁਰੂ ਕਰਵਾਉਣ ਲਈ ਉਹ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣਗੇ। ਉਨ੍ਹਾਂ ਇਸ ਸਬੰਧੀ ਮੁੱਖ ਸਕੱਤਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।