ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼

ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ

ਚੰਡੀਗੜ੍ਹ, 1 ਫ਼ਰਵਰੀ 2023 (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇੱਥੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਕੰਢੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਦਯੋਗ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖ਼ਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹੋਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕਰਕੇ ਸਾਕਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੈਦਰਾਬਾਦ, ਚੇਨਈ ਅਤੇ ਮੁੰਬਈ ਦੇ ਹਾਲੀਆ ਦੌਰਿਆਂ ਦੌਰਾਨ ਉਦਯੋਗਪਤੀਆਂ ਤੋਂ ਪ੍ਰਾਪਤ ਸੁਝਾਵਾਂ ਨੂੰ ਵੀ ਇਸ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਪੂਰ ਹੁਲਾਰਾ ਦੇਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਨੀਤੀ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਇਹ ਵੀ ਯਕੀਨੀ ਬਣਾਉਣ ਕਿ ਇਹ ਨੀਤੀ ਜਲਦੀ ਤੋਂ ਜਲਦੀ ਉਦਯੋਗਪਤੀਆਂ ਨੂੰ ਸਮਰਪਿਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੀਤੀ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਵਿਕਾਸ ਯਕੀਨੀ ਬਣਾਏਗੀ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇੰਡਸਟਰੀਜ਼ ਦਲੀਪ ਕੁਮਾਰ, ਡਾਇਰੈਕਟਰ ਇੰਡਸਟਰੀਜ਼ ਸਿਬਿਨ ਸੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

Exit mobile version