ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਪਾਹੜਾ ਨੇ ਪੇਸ਼ ਕੀਤੇ ਬਜਟ ਨੂੰ ਨਿਰਾਸ਼ਾਜਨਕ ਦੱਸਿਆ
ਗੁਰਦਾਸਪੁਰ, 2 ਫ਼ਰਵਰੀ (ਮੰਨਣ ਸੈਣੀ)। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਨਿਰਾਸ਼ਾਜਨਕ ਦੱਸਦਿਆਂ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਕਿਸਾਨਾਂ, ਵਪਾਰੀਆਂ ਅਤੇ ਉਦਯੋਗਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਹਾਲਾਂਕਿ ਦੇਸ਼ ਦਾ ਵਿਕਾਸ ਇਨ੍ਹਾਂ ਤਿੰਨਾਂ ‘ਤੇ ਹੀ ਟਿੱਕਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਹਰ ਵਾਰ ਟੈਕਸ ਸਲੈਬ ਵਿੱਚ ਵਾਧਾ ਹੁੰਦਾ ਹੈ। ਸਰਕਾਰ ਨੇ ਇਸ ਵਿੱਚ ਕੋਈ ਨਵਾਂ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 2022 ਤੱਕ ਹਰ ਗਰੀਬ ਪਰਿਵਾਰ ਦੇ ਸਿਰ ‘ਤੇ ਛੱਤ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਪੂਰਾ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕਿਆ। ਕੇਂਦਰ ਸਰਕਾਰ ਨੇ ਲੋਕਾਂ ਨੂੰ ਹਰ ਪਾਸਿਓਂ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਲਈ ਕੋਈ ਸਕੀਮ ਲਾਗੂ ਨਹੀਂ ਕੀਤੀ ਗਈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ।