ਗੁਰਦਾਸਪੁਰ

11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ ‘ਵਿਰਸਾ ਉਤਸਵ’

11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ ‘ਵਿਰਸਾ ਉਤਸਵ’
  • PublishedFebruary 3, 2023

ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਵਿਰਸਾ ਉਤਸਵ ਦੌਰਾਨ ਦਰਸ਼ਕਾਂ ਦਾ ਕਰਨਗੇ ਮੰਨੋਰੰਜ਼ਨ

ਡਿਪਟੀ ਕਮਿਸ਼ਨਰ ਵੱਲੋਂ ਵਿਰਸਾ ਉਤਸਵ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 3 ਫਰਵਰੀ ( ਮੰਨਣ ਸੈਣੀ) । ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਮਿਤੀ 11 ਫਰਵਰੀ 2023 ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ’ ਕਰਵਾਇਆ ਜਾਵੇਗਾ। ਵਿਰਸਾ ਉਤਸਵ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਸ. ਤਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਪ੍ਰਿੰਸੀਪਲ ਸਰਕਾਰੀ ਕਾਲਜ ਸ. ਗਰਿੰਦਰ ਸਿੰਘ ਕਲਸੀ, ਪ੍ਰੋ ਰਾਜ ਕੁਮਾਰ ਸ਼ਰਮਾਂ ਤੋਂ ਇਲਾਵਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਹੋਰ ਨੁਮਾਇੰਦੇ ਤੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 11 ਫਰਵਰੀ 2023 ਨੂੰ ਦੁਪਹਿਰ 12:00 ਦੇ ਕਰੀਬ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ’ ਸ਼ੁਰੂ ਹੋਵੇਗਾ ਜਿਸ ਵਿੱਚ ਸਭ ਤੋਂ ਪਹਿਲਾਂ ਪਤੰਗਬਾਜ਼ਾਂ ਵੱਲੋਂ ਪਤੰਗਾਂ ਉਡਾਈਆਂ ਜਾਣਗੀਆਂ। ਇਸ ਦੌਰਾਨ ਸਟੇਡੀਅਮ ਵਿੱਚ ਪਤੰਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਤੰਗਾਂ ਕੇਵਲ ਸੂਤੀ ਧਾਗੇ ਦੀ ਡੋਰ ਨਾਲ ਹੀ ਉਡਾਈਆਂ ਜਾ ਸਕਣਗੀਆਂ। ਵਿਰਸਾ ਉਤਸਵ ਦੌਰਾਨ ਵਿਸ਼ੇਸ਼ ਤੌਰ ’ਤੇ ਫੂਡ ਸਟਾਲ ਤੇ ਹੈਂਡੀਕਰਾਫਟ ਦੇ ਸਟਾਲ ਵੀ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਪਤੰਗਬਾਜ਼ੀ ਦੇ ਸ਼ੋਅ ਤੋਂ ਬਾਅਦ 3:30 ਤੋਂ ਸ਼ਾਮ 5:00 ਵਜੇ ਤੱਕ ਕਲਾਕਾਰਾਂ ਵੱਲੋਂ ਲੋਕ ਸੰਗੀਤ ਅਤੇ ਲੋਕ ਨਾਚ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਸ਼ਾਮ ਨੂੰ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮੰਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ਵਿਰਸਾ ਉਤਸਵ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਮੰਤਰੀ ਹਾਜ਼ਰੀ ਭਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਵਿਰਸਾ ਉਤਸਵ ਰੰਗਲੇ ਪੰਜਾਬ ਦੇ ਰੰਗਲੇ ਸੱਭਿਆਚਾਰ ਦੀ ਤਰਜ਼ਮਾਨੀ ਕਰੇਗਾ ਅਤੇ ਇਹ ਉਤਸਵ ਯਾਦਗਾਰੀ ਹੋਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਰਸਾ ਉਤਸਵ ਦੀਆਂ ਤਿਆਰੀਆਂ ਵਿੱਚ ਹੁਣ ਤੋਂ ਹੀ ਲੱਗ ਜਾਣ ਤਾਂ ਜੋ ਪੂਰੀ ਸਫਲਤਾ ਨਾਲ ਇਸ ਉਤਸਵ ਨੂੰ ਕਰਵਾਇਆ ਜਾ ਸਕੇ।

Written By
The Punjab Wire