ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ, ਪੜੋ ਮੰਤਰੀ ਮੰਡਲ ਅੰਦਰ ਹੋਰ ਕੀ ਹੋਇਆ ਪ੍ਰਵਾਨ
ਚੰਡੀਗੜ੍ਹ, 3 ਫਰਵਰੀ 2023 (ਦੀ ਪੰਜਾਬ ਵਾਇਰ)। ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।
ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਮੁਤਾਬਕ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਤੀ ਸਾਲ 2022-23 ਦੌਰਾਨ 36 ਪ੍ਰਿੰਸੀਪਲਾਂ ਦਾ ਇੱਕ ਬੈਚ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ ਅਤੇ 30 ਪ੍ਰਿੰਸੀਪਲਾਂ ਦੇ ਬੈਚ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ (ਐਨ.ਆਈ.ਈ.), ਜੋ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ, ਸਿੰਗਾਪੁਰ ਦੀ ਇੱਕ ਖੁਦਮੁਖਤਿਆਰੀ ਸੰਸਥਾ ਹੈ, ਵਿਖੇ ਭੇਜਿਆ ਜਾਵੇਗਾ।
ਇਸ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ ਮਿਲੇਗਾ ਅਤੇ ਇਹ ਸਿਖਲਾਈ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਸਿੱਖਿਆ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ, ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਸਹਾਇਕ ਹੋਵੇਗੀ।
117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ ਹਰੀ ਝੰਡੀ
ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਵਜੋਂ ਅਪਗ੍ਰੇਡ ਕਰਨ ਸਬੰਧੀ ਸੂਬਾਈ ਯੋਜਨਾ ਨੂੰ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਸਕੂਲ ਆਫ਼ ਐਮੀਨੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, ਉੱਤਮਤਾ ਕੇਂਦਰਾਂ ਵਜੋਂ ਕੰਮ ਕਰਨਗੇ। ਸਕੂਲ ਆਫ਼ ਐਮੀਨੈਂਸ ਨਾਲ ਅਦਾਰਿਆਂ ਵਿੱਚ ਸਿੱਖਣ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਸਕੂਲੀ ਸਿੱਖਿਆ ਸਬੰਧੀ ਦੁਨੀਆਂ ਭਰ ਵਿਚਲੇ ਨਵੀਨਤਮ ਸਕੂਲੀ ਅਭਿਆਸਾਂ ਰਾਹੀਂ ਬੱਚਿਆਂ ਦੇ ਸਿੱਖਣ ਦੇ ਤਜਰਬਿਆਂ ਵਿੱਚ ਵਾਧਾ ਹੋਵੇਗਾ। ਇਸ ਦੇ ਸ਼ੁਰੂਆਤੀ ਪੜਾਅ ਵਿੱਚ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ।
ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ 74.75 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ
ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸਬੰਧਤ ਕਾਰਜਕਾਰੀ ਏਜੰਸੀ ਨੂੰ ਕੁੱਲ 74.75 ਕਰੋੜ ਰੁਪਏ ਦੀ ਅਦਾਇਗੀ ਕਰਨ ਦੀ ਤਜਵੀਜ਼ ਦਾ ਸਮਰਥਨ ਕੀਤਾ ਹੈ। ਇਸ ਫੈਸਲੇ ਅਨੁਸਾਰ ਏਜੰਸੀ ਨੂੰ 74.75 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਏਜੰਸੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਰਜ ਤਿੰਨੋਂ ਕੇਸ ਵਾਪਸ ਲੈ ਲਵੇਗੀ। ਉਪਰੋਕਤ ਫੈਸਲੇ ਨੂੰ ਲਾਗੂ ਕਰਨ ਨਾਲ ਸ਼ਾਹਪੁਰ ਕੰਢੀ ਡੈਮ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ, ਜਿਸ ਨਾਲ ਸਾਲਾਨਾ 58 ਕਰੋੜ ਰੁਪਏ ਦਾ ਸਿੱਧਾ ਵਿੱਤੀ ਲਾਭ ਹੋਵੇਗਾ ਅਤੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਦੀ ਵਰਤੋਂ ਭਾਰਤ ਵਿੱਚ ਖਾਸ ਕਰਕੇ ਪੰਜਾਬ ਸੂਬੇ ਵਿੱਚ ਕੀਤੀ ਜਾਵੇਗੀ। ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ, ਪੰਜਾਬ ਵਿੱਚ 5000 ਹੈਕਟੇਅਰ ਅਤੇ 32173 ਹੈਕਟੇਅਰ ਦੀ ਸਿੰਜਾਈ ਸਮਰੱਥਾ ਹੋ ਜਾਵੇਗੀ ਅਤੇ 206 ਮੈਗਾਵਾਟ ਸਥਾਪਿਤ ਸਮਰੱਥਾ ਦੇ ਦੋ ਪਾਵਰ ਹਾਊਸਾਂ ਨਾਲ 1042 ਐਮ.ਯੂ. ਪਣ ਬਿਜਲੀ ਪ੍ਰਤੀ ਸਾਲ ਪੈਦਾ ਹੋਵੇਗੀ।
ਪੰਜਾਬ ਰਾਜ ਚੋਣ ਕਮਿਸ਼ਨਰ ਨਿਯੁਕਤ ਕਰਨ ਦੀ ਪ੍ਰਵਾਨਗੀ
ਸੂਬੇ ਵਿੱਚ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ/ਜ਼ਿਮਨੀ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨਰ ਵਜੋਂ ਇੱਕ ਯੋਗ ਅਧਿਕਾਰੀ ਦੀ ਨਿਯੁਕਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮਾਂ ਨੂੰ ਮਨਜ਼ੂਰੀ
ਸੂਬੇ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਨੂੰ ਮਜ਼ਬੂਤ ਕਰਕੇ ਜਾਂਚ ਕਰਨ ਦੇ ਨਾਲ-ਨਾਲ ਸਬੂਤਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਮੰਤਰੀ ਮੰਡਲ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮ-2023 ਦੀ ਭਰਤੀ/ਨਿਯੁਕਤੀ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਦੇ ਸਟਾਫ਼ ਦੀਆਂ ਸੇਵਾ ਸਬੰਧੀ ਸ਼ਰਤਾਂ ਨੂੰ ਨਿਯੰਤਰਿਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਮੇਂ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਇੱਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਤਿੰਨ ਖੇਤਰੀ ਫੋਰੈਂਸਿਕ ਲੈਬਾਰਟਰੀਆਂ ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਕੰਮ ਕਰ ਰਹੀਆਂ ਹਨ।
ਅਜ਼ਾਦੀ ਕਾ ਮਹਾਉਤਸਵ ਮਨਾਉਣ ਲਈ ਉਮਰ ਕੈਦ ਵਾਲੇ ਦੋਸ਼ੀਆਂ ਲਈ ਵਿਸ਼ੇਸ਼ ਮੁਆਫ਼ੀ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਉਣ ਲਈ ਦੂਜੇ ਪੜਾਅ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਵਿਸ਼ੇਸ਼ ਮੁਆਫ਼ੀ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਉਮਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਕੇਸ ਭੇਜਣ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਮੰਤਰੀ ਮੰਡਲ ਦੀ ਮਨਜ਼ੂਰੀ ਉਪਰੰਤ, ਇਹ ਵਿਸ਼ੇਸ਼ ਮੁਆਫ਼ੀ/ਸਮੇਂ ਤੋਂ ਪਹਿਲਾਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।
ਪੀਪੀਐਸਸੀ ਰੈਗੂਲੇਸ਼ਨ ਵਿੱਚ ਸੋਧ ਲਈ ਅਮਲ ਉਪਰੰਤ ਪ੍ਰਵਾਨਗੀ
ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ, ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲੀਮੀਟੇਸ਼ਨ ਆਫ਼ ਫੰਕਸ਼ਨਸ) ਰੈਗੂਲੇਸ਼ਨਜ਼, 1955 ਦੇ ਭਾਗ-2-ਬੀ ਵਿੱਚ ਸੋਧ ਕਰਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਸ਼ਹਿਰੀ ਹਵਾਬਾਜ਼ੀ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਸਾਲ 2021-22 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਲਈ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪੈਟਰੋਲ ਅਤੇ ਡੀਜ਼ਲ ਤੇ ਵੈਟ ਦਰਾਂਚ ਮਾਮੂਲੀ ਵਾਧੇ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ `ਤੇ ਵੈਟ ਦਰਾਂ ਵਿੱਚ ਮਾਮੂਲੀ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੈਟ ਦਰ ਵਿੱਚ ਵਾਧੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਮਾਮੂਲੀ ਵਾਧਾ ਹੋਵੇਗਾ। ਇਸ ਨਾਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਸਮਾਨਤਾ ਆਵੇਗੀ।
ਸੀ.ਐਮ. ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰਨ ਲਈ ਹਰੀ ਝੰਡੀ
ਪੰਜਾਬ ਵਿੱਚ ਯੋਗਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੂਬੇ ਦੇ ਮੌਜੂਦਾ ਯੋਗਾ ਈਕੋ-ਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਅਗਵਾਈ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰੋਗਰਾਮ ਸ਼ੁਰੂਆਤੀ ਪੜਾਅ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਵਿੱਚ ਲਾਗੂ ਕੀਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਕੁੱਲ 400 ਕਲਾਸਾਂ ਲਾਈਆਂ ਜਾਣਗੀਆਂ, ਜਿਨ੍ਹਾਂ ਨੂੰ ਮੰਗ ਦੇ ਆਧਾਰ `ਤੇ ਹੋਰ ਵਧਾਇਆ ਜਾ ਸਕਦਾ ਹੈ। ਇਸ ਪ੍ਰੋਜੈਕਟ ਵਿੱਚ ਦੋ ਸਲਾਹਕਾਰ ਅਤੇ 10 ਸੁਪਰਵਾਈਜ਼ਰ ਹੋਣਗੇ ਅਤੇ ਇਸ ਤੋਂ ਇਲਾਵਾ ਇਨ੍ਹਾਂ ਪੰਜਾਂ ਸ਼ਹਿਰਾਂ ਵਿੱਚੋਂ ਹਰੇਕ ਵਿੱਚ 80 ਟਰੇਨਰ ਵੀ ਰੱਖੇ ਜਾਣਗੇ।