ਪੰਜਾਬ ਸਰਕਾਰ ਵੱਲੋਂ 17 ਜ਼ਿਲ੍ਹਿਆਂ ’ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਮਾਨ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਸੇਖਵਾਂ
ਗੁਰਦਾਸਪੁਰ, 6 ਫਰਵਰੀ (ਮੰਨਣ ਸੈਣੀ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲਿਆਂ ਵਿੱਚ ਸਥਾਪਤ ਡਾ. ਬੀ.ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਡਾ. ਬੀ.ਆਰ. ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 17 ਜਿਲਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ ਜਦਕਿ ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ. ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜ਼ਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।