ਪੰਜਾਬ ਸਰਕਾਰ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਕਰਵਾਏਗੀ ‘ਨਿਵੇਸ਼ ਪੰਜਾਬ ਸੰਮੇਲਨ-2023’
ਗੁਰਦਾਸਪੁਰ, 8 ਫਰਵਰੀ (ਮੰਨਣ ਸੈਣੀ)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਰਾਜ ਸਰਕਾਰ ਵੱਲੋਂ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ ਅਤੇ ਇਸ ਨਵੀਂ ਉਦਯੋਗਿਕ ਨੀਤੀ ਦੇ ਸਦਕਾ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦਾ ਮੁੱਢ ਬੱਝੇਗਾ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਸਬੰਧੀ ਜੇਕਰ ਕੋਈ ਉਦਯੋਗਪਤੀ ਜਾਂ ਮਾਹਿਰ ਹੋਰ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਸਰਕਾਰ ਵੱਲੋਂ ਉਸਦਾ ਦਾ ਵੀ ਸਵਾਗਤ ਕੀਤਾ ਜਾਵੇਗਾ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਨਿਵੇਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ‘ਨਿਵੇਸ਼ ਪੰਜਾਬ ਸੰਮੇਲਨ-2023’ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦੁਨੀਆ ਭਰ ਤੋਂ ਵੱਡੇ ਉਦਯੋਗਪਤੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਦੁਨੀਅਓ ਦੁਨੀਆਂ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੀ ‘ਨਿਵੇਸ਼ ਪੰਜਾਬ ਸੰਮੇਲਨ-2023’ ਵਿੱਚ ਸ਼ਿਰਕਤ ਕਰਨ।
ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ। ਉਨਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ। ਸ. ਸੇਖਵਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।