ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਲਾਨੌਰ ਤੇ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ
ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ) । ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹਨਾਂ ਸੈਮੀਨਾਰਾਂ ਦੌਰਾਨ ਸਕੂਲਾਂ ਦੇ ਲਗਭਗ 480 ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਹਿੱਸਾ ਲਿਆ ਗਿਆ।
ਇਹਨਾਂ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਦੁਆਰਾ ਸਕੂਲ ਦੇ ਬੱਚਿਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਲੀਗਲ ਏਡ ਅਤੇ ਪਰੋਵੀਜ਼ਅਨਸ ਆਫ ਪੋਸਕੋ ਐਕਟ 2012 ਬਾਰੇ ਜਾਗਰੂਕ ਕੀਤਾ। ਮੈਡਮ ਨਵਦੀਪ ਕੌਰ ਗਿੱਲ ਨੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਬਾਰੇ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਆਸ-ਪਾਸ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾ ਸਕਣ।
ਇਸਦੇ ਨਾਲ ਹੀ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਵਿਦਿਆਰਥੀਆਂ ਨੂੰ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ 11 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ।