ਵਿਰਸਾ ਉਤਸਵ ਦੌਰਾਨ ਲੋਕ ਗਾਇਕੀ, ਲੋਕ ਨਾਚਾਂ ਦੇ ਨਾਲ ਪਤੰਗਬਾਜ਼ੀ ਨੇ ਵੀ ਖੂਬ ਰੰਗ ਬੰਨਿਆ
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ੍ਰੀ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸ੍ਰੀ ਰਮਨ ਬਹਿਲ ਸਮੇਤ ਹੋਰ ਆਗੂਆਂ ਨੇ ਵਿਰਸਾ ਉਤਸਵ ਵਿੱਚ ਭਰੀ ਹਾਜ਼ਰੀ
ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਵੀ ਵਿਰਸਾ ਉਤਸਵ ਦੌਰਾਨ ਪਤੰਗ ਉਡਾਈ
ਜ਼ਿਲ੍ਹਾ ਹੈਰੀਟੇਜ ਸੁਸਾਇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਰਸਾ ਉਤਸਵ ਕਰਾਉਣ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਅਖਤਿਆਰੀ ਫੰਡ ’ਚੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ
ਗੁਰਦਾਸਪੁਰ, 11 ਫਰਵਰੀ (ਮੰਨਣ ਸੈਣੀ ) । ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਅੱਜ ਕਰਵਾਇਆ ਗਿਆ ਵਿਰਸਾ ਉਤਸਵ ਅਮਿੱਟ ਯਾਦਾਂ ਛੱਡਦਾ ਹੋਇਆ ਅਗਲੇ ਸਾਲ ਫਿਰ ਮਿਲਣ ਦੇ ਵਆਦੇ ਨਾਲ ਸਮਾਪਤ ਹੋ ਗਿਆ। ਵਿਰਸਾ ਉਤਸਵ ਦੌਰਾਨ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਵੱਲੋਂ ਆਪਣੀ ਸੁਰੀਲੀ ਅਵਾਜ਼ ਨਾਲ ਦਰਸ਼ਕਾਂ ਦਾ ਖੂਬ ਮੰਨੋਰੰਜਨ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ।
ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪਨਸਪ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ, ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ, ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀ ਨਰੇਸ਼ ਗੋਇਲ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ, ਸ੍ਰੀ ਹੀਰਾ ਮਨੀ ਅਗਰਵਾਲ ਸਮੇਤ ਹੋਰ ਵੀ ਪ੍ਰਮੁੱਖ ਹਸਤੀਆਂ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਹਾਜ਼ਰੀ ਭਰੀ।
ਵਿਰਸਾ ਉਤਸਵ ਦੌਰਾਨ ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਮੈਡਮ ਸ਼ਿਲਪਾ, ਕਮਿਸ਼ਨਰ ਪੰਚਾਇਤੀ ਰਾਜ, ਕਰਨਾਟਕਾ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।
ਵਿਰਸਾ ਉਤਸਵ ਕਰਵਾਉਣ ਲਈ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਵਿਰਾਸਤ ਨਾਲ ਜੋੜਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਾਨਦਾਰ ਇਤਿਹਾਸ ਤੇ ਵਿਰਸਾ ਰਿਹਾ ਹੈ ਅਤੇ ਗੁਰੂ, ਪੀਰਾਂ, ਪੈਗੰਬਰਾਂ, ਸ਼ਹੀਦਾਂ ਦੀ ਇਸ ਧਰਤੀ ਨੇ ਹਮੇਸ਼ਾਂ ਹੀ ਸ਼ਾਨਦਾਰ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਹਰ ਉਪਰਾਲੇ ਨੂੰ ਉਤਸ਼ਾਹਤ ਕਰੇਗੀ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਨੂੰ ਦੇਣ ਦਾ ਵੀ ਐਲਾਨ ਕੀਤਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਹਰ ਸਾਲ ਵਿਰਸਾ ਉਤਸਵ ਗੁਰਦਾਸਪੁਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਆਪਣੇ ਜ਼ਿਲ੍ਹੇ ਦੀ ਅਮੀਰ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ ਇਸਨੂੰ ਪਰਚਾਰਿਆ ਜਾਵੇ ਤਾਂ ਜੋ ਨੌਜਵਾਨ ਆਪਣੇ ਵਿਰਸੇ ਤੇ ਵਿਰਾਸਤ ਨਾਲ ਜੁੜ ਸਕਣ। ਉਨ੍ਹਾਂ ਵਿਰਸਾ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਤੇ ਦਰਸ਼ਕਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਜ਼ਿਲ੍ਹਾ ਹੈਰੀਟੇਜ ਦੇ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ ਵੱਲੋਂ ਸੁਸਾਇਟੀ ਵੱਲੋਂ ਵਿਰਸੇ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪਤੰਗਾਂ ਉੱਡਾਈਆਂ ਗਈਆਂ। ਵਿਰਸਾ ਉਤਸਵ ਦੌਰਾਨ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਸਟਾਲ ਲਗਾਏ ਗਏ ਸਨ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ ਸਨ। ਕੈਬਨਿਟ ਮੰਤਰੀ ਸ. ਧਾਲੀਵਾਲ ਅਤੇ ਹੋਰ ਮਹਿਮਾਨਾਂ ਵੱਲੋਂ ਇਨ੍ਹਾਂ ਸਟਾਲਾਂ ਦਾ ਨਿਰੀਖਣ ਵੀ ਕੀਤਾ ਗਿਆ।
ਪਤੰਗਬਾਜ਼ੀ ਸ਼ੋਅ ਦੌਰਾਨ ਰਾਜਸਥਾਨ ਤੋਂ ਆਏ ਪ੍ਰਸਿੱਧ ਪਤੰਗਬਾਜ਼ ਅਬਦੁਲ ਰਾਊਫ਼, ਸਲਮਾਨ ਅਤੇ ਨਦੀਮ ਵੱਲੋਂ 18 ਵੱਖ-ਵੱਖ ਕਿਸਮਾਂ ਦੀਆਂ ਪਤੰਗਾਂ ਜਿਨ੍ਹਾਂ ਵਿੱਚ 52 ਫੁੱਟ ਵੱਡੀ ਪਤੰਗ ਟਰਾਈਲੋਬਾਈਟ ਕਾਈਟ, ਰਡਾਰ ਕਾਈਟ, ਡੇਲਟਾ ਕਾਈਟ, ਪਾਵਰ ਕਾਈਟ, ਸਪਾਈਡਰਮੈਨ ਕਾਈਟ, ਬੈਟਮੈਨ ਕਾਈਟ, ਆਇਰਨਮੈਨ ਕਾਈਟ, ਹਲਕ ਕਾਈਟ, ਡੱਕ ਕਾਈਟ ਅਤੇ ਗੋਲਡਨ ਫਿਸ਼ ਕਾਈਟ ਉੱਡਾਈਆਂ ਗਈਆਂ।
ਇਸ ਤੋਂ ਬਾਅਦ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਨੇ ਇੱਕ ਤੋਂ ਬਾਅਦ ਇੱਕ ਆਪਣੇ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਖੂਬ ਮੰਨੋਰੰਜਨ ਕੀਤਾ। ਕੰਵਰ ਗਰੇਵਾਲ ਨੇ ਆਪਣੇ ਗੀਤ ਟਿਕਟਾਂ ਦੋ ਲੈ ਲਈਂ, ਛੱਲਾ, ਇਤਬਾਰ, ਰਮਜ਼ਾਂ ਯਾਰ ਦੀਆਂ, ਫਕੀਰਾ, ਸੁੱਖ ਰੱਖੀਂ, ਇਸ਼ਕ ਬੁੱਲੇ ਨੂੰ ਨਚਾਵੇ ਵਰਗੇ ਹਿੱਟ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਤੇ ਝੂਮਣ ਲਗਾ ਦਿੱਤਾ।
ਗੀਤ ਸੰਗੀਤ ਦੇ ਪ੍ਰੋਗਰਾਮ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਵੱਲੋਂ ਅਖੀਰ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਗਿਆ। ਵਿਰਸਾ ਉਤਸਵ ਦੌਰਾਨ ਆਪਣੀ ਪੇਸ਼ਕਾਰੀ ਕਰਨ ਵਾਲੇ ਸਾਰੇ ਕਲਾਕਾਰਾਂ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।