5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10 ਕਰੋੜ ਰੁਪਏ ਦੀ ਡਰੱਗ ਮਨੀ, 424 ਕਿਲੋ ਅਫੀਮ, 480 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 7999 ਐਫਆਈਆਰਜ਼ ਕੀਤੀਆਂ ਦਰਜ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 683 ਤੱਕ ਪਹੁੰਚੀ
ਇੱਕ ਹਫ਼ਤੇ ਵਿੱਚ 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 294 ਨਸ਼ਾ ਤਸਕਰ/ਸਪਲਾਇਰ ਕਾਬੂ
ਚੰਡੀਗੜ੍ਹ, 13 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ।
ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।