ਕਰਨੈਲ ਸਿੰਘ ਪੰਜੋਲੀ ਨੂੰ ਅਕਾਲੀ ਦਲ ਨੇ 6 ਸਾਲ ਵਾਸਤੇ ਪਾਰਟੀ ਵਿੱਚੋਂ ਕੱਢਿਆ

ਚੰਡੀਗੜ੍ਹ 14 ਫਰਵਰੀ—ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਸ. ਕਰਨੈਲ ਸਿੰਘ ਪੰਜੋਲੀ ਦੀਆਂ ਲਗਾਤਾਰ ਚੱਲ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਸਨੂੰ 6 ਸਾਲ ਵਾਸਤੇ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸ. ਕਰਨੈਲ ਸਿੰਘ ਪੰਜੋਲੀ ਨੂੰ ਕਈ ਵਾਰ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਅਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਪਰ ਪਾਰਟੀ ਨੇ ਸਹਿਣਸ਼ੀਲਤਾ ਰੱਖਦੇ ਹੋਏ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਪਰ ਹੁਣ ਜਦੋਂ ਕਿ ਉਹ ਅਨੁਸ਼ਾਸ਼ਨਹੀਣਤਾ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੇ ਹਨ ਤਾਂ ਮਜਬੂਰ ਹੋ ਕੇ ਪਾਰਟੀ ਨੂੰ ਸਖਤ ਕਦਮ ਚੁੱਕਣਾ ਪਿਆ ਹੈ। ਉਹਨਾਂ ਦੱਸਿਆ ਕਿ ਸ. ਪੰਜੋਲੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਕੱਲ 13 ਫਰਵਰੀ ਨੂੰ ਸ਼ਾਮ ਨੂੰ ਕੀਤੀ ਗਈ ਜਿਸ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਸ. ਪੰਜੋਲੀ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸ਼ਨਹੀਣਤਾ ਹੁਣ ਨਾ ਕਾਬਲੇ ਬਰਦਾਸ਼ਤ ਹੈ। ਇਸ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ 6 ਸਾਲ ਵਾਸਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ। ਸ. ਮਲੂਕਾ ਨੇ ਇਹ ਵੀ ਕਿਹਾ ਕਿ ਇਸ ਤਰਾਂ ਦੀ ਅਨੁਸ਼ਾਸ਼ਨਹੀਣਤਾ ਕਦਾਚਿਤ ਬਰਦਾਸ਼ਤ ਨਹੀ ਕੀਤੀ ਜਾਵੇਗੀ ਭਾਵੇਂ ਕਿ ਕਰਨ ਵਾਲਾ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

Exit mobile version