ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ ਇਹ ਮਿਸਾਲੀ ਪਹਿਲਕਦਮੀ
ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਸਾਰੀਆਂ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾਉਣ ਦਾ ਦਿੱਤਾ ਸੱਦਾ
ਕੋਲੇ ਦੀ ਸਪਲਾਈ ਸਮੁੰਦਰੀ ਰੂਟ ਰਾਹੀਂ ਕਰਨ ਦੇ ਕੇਂਦਰ ਸਰਕਾਰ ਦੇ ਆਪਹੁਦਰੇ ਫੈਸਲੇ ਦੀ ਕੀਤੀ ਆਲੋਚਨਾ
ਕਿਹਾ; ਸੂਬੇ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਚਲਾਉਣਗੇ, ਨਾ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਵਿਅਕਤੀ
ਚੰਡੀਗੜ੍ਹ, 14 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ।
ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੇ ਫ਼ਤਵੇ ਨਾਲ ਵਿਧਾਇਕਾਂ ਨੂੰ ਜਿਤਾਇਆ ਹੈ ਅਤੇ ਉਨ੍ਹਾਂ ਦੀਆਂ ਚੁਣੇ ਹੋਏ ਨੁਮਾਇੰਦਿਆਂ ਤੋਂ ਬਹੁਤ ਆਸਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਸਾਂ ਦੀ ਪੂਰਤੀ ਤਾਂ ਹੀ ਹੋ ਸਕਦੀ ਹੈ, ਜੇ ਵਿਧਾਇਕ ਬਹਿਸਾਂ ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਤੇ ਉਥੋਂ ਦੇ ਲੋਕ ਆਪਣੇ ਸੂਬਿਆਂ ਦੇ ਸਾਂਝੇ ਕੰਮਾਂ ਲਈ ਇਕਜੁੱਟ ਹੁੰਦੇ ਹਨ ਪਰ ਪੰਜਾਬ ਵਿੱਚ ਇਸ ਤਰ੍ਹਾਂ ਦਾ ਏਕਾ ਗਾਇਬ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਸਲਿਆਂ ਦਾ ਛੇਤੀ ਹੱਲ ਯਕੀਨੀ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ।
ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੋਲਾ ਖਾਣ ਤੋਂ ਸਮੁੰਦਰੀ ਰਸਤੇ ਰਾਹੀਂ ਕੋਲਾ ਲਿਆਉਣ ਦੇ ਨੁਕਸਦਾਰ ਫੈਸਲੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਇਹ ਆਪਹੁਦਰਾ ਫੈਸਲਾ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਸੂਬਾ ਇਸ ਕੋਲੇ ਦੀ ਵਰਤੋਂ ਝੋਨਾ ਪੈਦਾ ਕਰਨ ਲਈ ਕਰਦਾ ਹੈ, ਜਿਸ ਦੀ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਅਹਿਮ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਕੋਲੇ ਦੀ ਢੁਆਈ ਦਾ ਵੱਧ ਖ਼ਰਚਾ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਹੜਾ ਗ਼ੈਰ-ਵਾਜਬ ਤੇ ਨਾਸਹਿਣਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਭ ਤੋਂ ਉੱਪਰ ਹਨ ਅਤੇ ਸਰਕਾਰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਵਿਅੰਗ ਕਸਿਆ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ, ਜਿਹੜਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਥਾਪੇ ਹੋਏ ਵਿਅਕਤੀਆਂ ਨੂੰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਡਾਹੁਣ ਦੀ ਥਾਂ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਿਆਸਤ ਤੋਂ ਦੂਰ ਨਹੀਂ ਰਹਿੰਦੇ ਅਤੇ ਉਹ ਆਪਣੇ ਨਾਲ ਸਬੰਧਤ ਸਿਆਸੀ ਮਾਹੌਲ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਲੀਡਰਸ਼ਿਪ ਦਾ ਗੁਣ ਵਿਰਸੇ ਵਿੱਚ ਮਿਲਿਆ ਹੈ, ਜਿਸ ਦਾ ਅੰਦਾਜ਼ਾ ਇਸ ਗੱਲੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵਿਦੇਸ਼ਾਂ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ ਤੇ ਹੋਰ ਮੁਲਕਾਂ ਦੇ ਸਿਆਸੀ ਖੇਤਰ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦਿਆਂ ਦੇਖਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚੋਂ ਪੰਜਾਬ ਹੀ ਅਜਿਹਾ ਇਕੋ-ਇਕ ਸੂਬਾ ਹੈ, ਜਿਸ ਦੀਆਂ ਜੜ੍ਹਾਂ ਦੁਨੀਆ ਭਰ ਵਿੱਚ ਫੈਲੀਆਂ ਹੋਈਆਂ ਹਨ ਕਿਉਂਕਿ ਪੰਜਾਬੀ ਹਰੇਕ ਮੁਲਕ ਵਿੱਚ ਛਾਏ ਹੋਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਹੁੰਦਾ ਹੈ, ਜਿਸ ਕਾਰਨ ਵਿਧਾਇਕਾਂ ਉਤੇ ਵੱਡੀ ਜ਼ਿੰਮੇਵਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰਾ ਵਿਸ਼ਵ ਸਾਡੇ ਵੱਲ ਵੇਖ ਰਿਹਾ ਹੈ ਅਤੇ ਸਾਰੇ ਮੈਂਬਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਧਾਨ ਸਭਾ ਵਿੱਚ ਬਹਿਸਾਂ ਦੌਰਾਨ ਜ਼ਾਬਤਾ ਬਣਾ ਕੇ ਰੱਖਣ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਵੱਖ-ਵੱਖ ਰੰਗਾਂ ਦਾ ਗੁਲਦਸਤਾ ਸੋਹਣਾ ਅਤੇ ਸੁਹਾਵਣਾ ਜਾਪਦਾ ਹੈ, ਉਸੇ ਤਰ੍ਹਾਂ ਜਮਹੂਰੀ ਢਾਂਚੇ ਵਿਚ ਵਿਰੋਧੀ ਅਤੇ ਸੱਤਾਧਾਰੀ ਬੈਂਚ ਦੋਵੇਂ ਹੀ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਤੇ ਸੱਤਾਧਾਰੀ ਪਾਰਟੀਆਂ ਸਿਹਤਮੰਦ ਜਮਹੂਰੀਅਤ ਦੀ ਅਹਿਮੀਅਤ ਨੂੰ ਦਰਸਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਧਿਰਾਂ ਨੂੰ ਸਦਨ ਵਿਚ ਮਿਆਰੀ ਵਿਚਾਰ-ਚਰਚਾ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਅਸਰਦਾਰ ਢੰਗ ਨਾਲ ਬਹਿਸ ਕਰਨ ਲਈ ਤਿਆਰੀ ਕਰਨੀ ਬਹੁਤ ਜ਼ਰੂਰੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਸਦਨ ਵਿਚ ਪੂਰੀ ਤਿਆਰੀ ਨਾਲ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਨੂੰ ਇਕ ਗੱਲ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਕਿ ਜਿਨ੍ਹਾਂ ਕੁਰਸੀਆਂ ਉਤੇ ਅੱਜ ਉਹ ਬੈਠੇ ਹੋਏ ਹਨ, ਇਨ੍ਹਾਂ ਕੁਰਸੀਆਂ ਉਤੇ ਉਹ ਮਹਾਨ ਸ਼ਖਸੀਅਤਾਂ ਵੀ ਬੈਠਿਆਂ ਕਰਦੀਆਂ ਸਨ, ਜਿਨ੍ਹਾਂ ਨੇ ਸੂਬੇ ਦੀ ਤਕਦੀਰ ਬਦਲ ਕੇ ਰੱਖ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਨਵੀਂ ਦਿੱਲੀ ਵਿਚ ਸੰਸਦ ਮਿਊਜ਼ੀਅਮ ਦਾ ਦੌਰਾ ਕਰਕੇ ਜਮਹੂਰੀਅਤ ਦੇ ਮਹਾਨ ਵਿਰਸੇ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਲੋਕ ਸਭਾ ਵਾਂਗ ਇੱਥੇ ਵੀ ਵਿਧਾਇਕਾਂ ਲਈ ਮੈਂਬਰਜ਼ ਰੈਫਰੈਂਸ ਸੇਵਾ ਸ਼ੁਰੂ ਕਰਨ ਦਾ ਸੁਝਾਅ ਦਿੱਤਾ, ਜਿਸ ਨਾਲ ਵਿਧਾਇਕਾਂ ਨੂੰ ਲੋਕਾਂ ਦੇ ਮਸਲੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿਚ ਮਦਦ ਮਿਲੇਗੀ। ਭਗਵੰਤ ਮਾਨ ਨੇ ਵਿਧਾਇਕਾਂ ਨਾਲ ਲੋਕ ਸਭਾ ਵਿਚ ਬਤੌਰ ਸੰਸਦ ਮੈਂਬਰ ਆਪਣੇ ਤਜਰਬੇ ਵੀ ਸਾਂਝੇ ਕੀਤੇ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇ ਵਿਸ਼ੇਸ਼ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹਿਸ ਦੇ ਮਿਆਰ ਅਤੇ ਸਦਨ ਦੀ ਕਾਰਵਾਈ ਵਿਚ ਸੁਧਾਰ ਲਿਆਉਣ ਵਿਚ ਮਦਦਗਾਰ ਸਾਬਤ ਹੋਵੇਗਾ। ਕੁਲਤਾਰ ਸੰਧਵਾਂ ਨੇ ਕਿਹਾ ਕਿ ਇਹ ਸੈਸ਼ਨ ਸਿਰਫ ਵਿਧਾਇਕਾਂ ਲਈ ਹੀ ਨਹੀਂ, ਸਗੋਂ ਸੂਬੇ ਦੇ ਲੋਕਾਂ ਲਈ ਵੀ ਲਾਭਦਾਇਕ ਸਾਬਤ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਦੇ ਨਾਲ-ਨਾਲ ਬਾਕੀ ਵਿਧਾਇਕਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲੀਹੋਂ ਹਟਵਾਂ ਉਪਰਾਲਾ ਭਵਿੱਖ ਵਿਚ ਸੂਬੇ ਲਈ ਵੀ ਲਾਹੇਵੰਦ ਹੋਵੇਗਾ। ਡਾ. ਨਿੱਜਰ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੈਸ਼ਨ ਵਿਚ ਮਾਹਿਰ ਵਡਮੁੱਲੇ ਵਿਚਾਰ ਪੇਸ਼ ਕਰਨਗੇ ਅਤੇ ਉਹ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੁਝਾਅ ਦਿੱਤਾ ਕਿ ਵਿਧਾਇਕਾਂ ਦੇ ਗਰੁੱਪ ਬਣਾ ਕੇ ਉਨ੍ਹਾਂ ਨੂੰ ਕਾਨੂੰਨੀ ਸਹਾਇਕਾਂ ਦੀਆਂ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਿਧਾਇਕਾਂ ਨੂੰ ਆਪਣੇ ਸਰੋਕਾਰ ਸਦਨ ਵਿਚ ਪੇਸ਼ ਕਰਨ ਲਈ ਲੋੜੀਂਦੇ ਦਸਤਾਵੇਜ਼ ਜਾਂ ਹੋਰ ਸਬੰਧਤ ਜਾਣਕਾਰੀ ਛੇਤੀ ਤੋਂ ਛੇਤੀ ਮਿਲ ਸਕੇਗੀ। ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਹ ਸੈਸ਼ਨ ਕਰਵਾਉਣ ਦੀ ਸ਼ਲਾਘਾ ਕਰਦਿਆਂ ਸਦਨ ਦੇ ਉਸਾਰੂ ਕੰਮਕਾਜ ਦੀ ਵਕਾਲਤ ਕੀਤੀ।
ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸਭ ਦਾ ਧੰਨਵਾਦ ਕੀਤਾ।
ਇਸ ਦੌਰਾਨ ਸਪੀਕਰ ਤੇ ਡਿਪਟੀ ਸਪੀਕਰ ਨੇ ਮੁੱਖ ਮੰਤਰੀ ਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ।