ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਵੱਲੋਂ ਤਿਆਰ ਐਪ ਕੀਤੀ ਲਾਂਚ
ਲੋਕਾਂ ਨੂੰ ਅਸੁਵਿਧਾ ਤੋਂ ਬਚਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਲੋਕਾਂ ਨੂੰ ਘਰ ਬੈਠੇ ਹੀ ਮਿਲੇਗੀ ਸਹੂਲਤ
ਚੰਡੀਗੜ੍ਹ, 14 ਫਰਵਰੀ 2023 (ਦੀ ਪੰਜਾਬ ਵਾਇਰ)। ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਸਿਸਟਮ ਵਿੱਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ ਉਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਟੀ.ਓ. ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮ.ਵੀ.ਆਈ. ਵੱਲੋਂ ਆਨਲਾਈਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਹੈ।