ਹੁਸ਼ਿਆਰਪੁਰ, 15 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਪਹੁੰਚੇ। ਇੱਥੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਮੂਰਖ ਬਣਾ ਕੇ ਟੋਲ ਪਲਾਜ਼ਾ ਕੰਪਨੀ ਨੂੰ ਦੋ-ਤਿੰਨ ਵਾਰ ਮਿਆਦ ਵਧਾਈ, ਜਦੋਂਕਿ ਇਹ ਦਸ ਸਾਲ ਪਹਿਲਾਂ ਹੀ ਬੰਦ ਹੋ ਜਾਣੇ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਟੋਲ ਕੰਪਨੀਆਂ ਨੇ 786 ਦਿਨ ਕੰਮ ਲੇਟ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਮਾਜਰੀ, ਨੰਗਲ ਸ਼ਹੀਦਾਂ ਤੇ ਮਾਨਗੜ੍ਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੰਪਨੀ ਸਾਡੇ ਤੋਂ ਹੋਰ ਮਿਆਦ ਮੰਗ ਰਹੀਆਂ ਸਨ ਪਰ ਅਸੀਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਕ ਦਿਨ ਵਿਚ ਲੋਕਾਂ ਦਾ 10 ਲੱਖ ਰੁਪਏ ਤੋਂ ਜ਼ਿਆਦਾ ਪੈਸਾ ਬਚੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਟੋਲ ਪਲਾਜ਼ਾ ਚਲਾਉਣ ਵਾਲੀਆਂ ਕੰਪਨੀਆਂ ਵੱਲੋਂ ਵਾਰ ਵਾਰ ਕੀਤੇ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਲੇਕਿਨ ‘ਰਾਜ ਨਹੀਂ ਸੇਵਾ’ ਦਾ ਨਾਅਰਾ ਲਗਾਉਣ ਵਾਲੀ ਅਕਾਲੀ ਭਾਜਪਾ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਟੋਲ ਪਲਾਜ਼ਾ ਕੰਪਨੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨ ਕਾਰਨ ਵੀ ਲੋਕਾਂ ਨੂੰ ਭਾਰੀ ਘਾਟਾ ਪਿਆ ਹੈ। ਟੋਲ ਪਲਾਜ਼ਾ ਕੰਪਨੀਆਂ ਤੋਂ ਕੋਈ ਵੀ ਜ਼ੁਰਮਾਨਾ ਨਾ ਵਸੂਲਣਾ ਵੀ ਵੱਡਾ ਸਵਾਲ ਹੈ ਤੇ ਇਸ ਨੂੰ ਲੈ ਕੇ ਵੀ ਟੋਲ ਪਲਾਜ਼ਾ ਕੰਪਨੀਆਂ ਖ਼ਿਲਾਫ਼ ਰਿਕਵਰੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਇਨ੍ਹਾਂ ਸੜਕਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕਰਮਵੀਰ ਸਿੰਘ ਘੁੰਮਣ ਆਦਿ ਵੀ ਹਾਜ਼ਰ ਸਨ।