ਗੁਰਦਾਸਪੁਰ

ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਸੁਰੱਖਿਆ ਫੋਰਸਾਂ ਦੇ ਨਾਲ ਮਿਲ ਕੇ ਚਲਾਵੇਗਾ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਸੁਰੱਖਿਆ ਫੋਰਸਾਂ ਦੇ ਨਾਲ ਮਿਲ ਕੇ ਚਲਾਵੇਗਾ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ
  • PublishedFebruary 15, 2023

ਸੈਮੀਨਾਰਾਂ, ਨੁੱਕੜ ਨਾਟਕਾਂ, ਵਿਚਾਰ ਚਰਚਾਵਾਂ ਅਤੇ ਖੇਡ ਗਤੀਵਿਧੀਆਂ ਜਰੀਏ ਨੌਜਵਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

ਗੁਰਦਾਸਪੁਰ, 15 ਫਰਵਰੀ ( ਮੰਨਣ ਸੈਣੀ) । ਨਸ਼ਿਆਂ ਦੀ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰੀਆਂ ਨੂੰ ਫੜ੍ਹਨ ਲਈ ਜਿਥੇ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਵੱਲੋਂ ਮਿਲ ਕੇ ਸਪੈਸ਼ਲ ਓਪਰੇਸ਼ਨ ਚਲਾਇਆ ਜਾਵੇਗਾ ਓਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾਵੇਗਾ।

ਨਸ਼ਿਆਂ ਦੀ ਰੋਕਥਾਮ ਲਈ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ-ਦਲ ਵਿੱਚ ਧਕੇਲਣ ਲਈ ਹਰ ਹਰਭਾ ਵਰਤ ਰਹੀ ਹੈ, ਜਿਸ ਤੋਂ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਤੋਂ 7 ਕਿਲੋਮੀਟਰ ਤੱਕ ਆਉਂਦੇ ਸਾਰੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਹੁਣ ਅਗਲੇ ਪੜਾਅ ਤਹਿਤ ਸਰਹੱਦ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਲੇਜ ਡਿਫੈਂਸ ਕਮੇਟੀ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਸੁਰੱਖਿਆ ਫੋਰਸਾਂ ਦਾ ਸਹਿਯੋਗ ਕਰਨਗੀਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਸੈਮੀਨਾਰਾਂ, ਨੁੱਕੜ ਨਾਟਕਾਂ, ਵਿਚਾਰ ਚਰਚਾਵਾਂ ਅਤੇ ਖੇਡ ਗਤੀਵਿਧੀਆਂ ਜਰੀਏ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਦੀ ਲਗਾਤਾਰ ਕੌਂਸਲਿੰਗ ਕੀਤੀ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਸੈਂਟਰਾਂ ਦੀ ਸਮੀਖਿਆ ਵੀ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਨੌਜਵਾਨ ਕਿਸੇ ਕਾਰਨ ਵਸ ਨਸ਼ਿਆਂ ਦੇ ਆਦੀ ਹੋ ਗਏ ਹਨ ਉਨ੍ਹਾਂ ਨੂੰ ਇਲਾਜ ਲਈ ਓਟ ਕੇਂਦਰਾਂ ਵਿੱਚ ਲਿਆਂਦਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਤ ਜਲਦੀ ਇੱਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉੱਪਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਹ ਹੈਲਪ ਲਾਈਨ ਨੰਬਰ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਲੇਗਾ ਅਤੇ ਇਸ ਉੱਪਰ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਵੀ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਆਪਣੇ ਵਿਚਾਰ ਤੇ ਸੁਝਾਅ ਰੱਖੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡਾ. ਰੋਮੀ ਰਾਜਾ, ਜ਼ਿਲ੍ਹਾ ਅਧਿਕਾਰਤਾ ਅਤੇ ਨਿਆਂ ਅਫ਼ਸਰ ਸੁਖਵਿੰਦਰ ਸਿੰਘ, ਸੈਕਟਰੀ ਰੈੱਡ ਕਰਾਸ ਸ੍ਰੀ ਰਜੀਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire