ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਲਈ 43 ਟੀਮਾਂ ਦਾ ਗਠਨ

ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਵੱਲੋਂ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ

ਗੁਰਦਾਸਪੁਰ, 15 ਫਰਵਰੀ ( ਮੰਨਣ ਸੈਣੀ) । ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਵੈਕਸੀਨੇਸ਼ਨ ਲਗਾਉਣ ਦੀ ਮੁਹਿੰਮ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂ ਹੋ ਗਈ ਹੈ।  

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਦਲੇਰ ਡੇਅਰੀ ਫ਼ਾਰਮ ਬਾਬੋਵਾਲ ਵਿਖੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ ਨਿਧੀ ਕੁਮੁਦ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀ ਹਰ ਗਊਸ਼ਾਲਾ ਅਤੇ ਪਸ਼ੂ ਪਾਲਕਾਂ ਦੇ ਘਰ ਜਾ ਕੇ ਗਊ ਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਅਮਲੇ ਵੱਲੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ।

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਸ਼ੂ ਪਾਲਣ ਵਿਭਾਗ ਨੂੰ 1,80,000 ਖੁਰਾਕਾਂ ਦੀ ਵੈਕਸੀਨ ਮਿਲੀ ਹੈ। ਉਨ੍ਹਾਂ ਦੱਸਿਆ ਕਿ  ਵਿਭਾਗ ਵੱਲੋਂ 43 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਗਊਆਂ ਨੂੰ ਇਹ ਵੈਕਸੀਨ ਬਿਲਕੁਲ ਮੁਫਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਵੈਕਸੀਨੇਸ਼ਨ ਮੁਕੰਮਲ ਕਰਨ ਲਈ 60 ਦਿਨਾਂ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਪਸ਼ੂ ਪਾਲਕਾਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਹ ਵੈਕਸੀਨ ਪਹਿਲ ਦੇ ਅਧਾਰ `ਤੇ ਗਊਧੰਨ ਨੂੰ ਲਗਵਾਈ ਜਾਵੇ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਕੰਮ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਾਰੇ ਮਿਲਕੇ ਇਸ ਨਾਮੁਰਾਦ ਬਿਮਾਰੀ ਤੋਂ ਗਊਧਨ ਨੂੰ ਬਚਾ ਸਕੀਏ।    

ਡਾ. ਸ਼ਾਮ ਸਿੰਘ ਨੇ ਕਿਹਾ ਕਿ ਇਸ ਵਾਇਰਲ ਬਿਮਾਰੀ ਦਾ ਕਹਿਰ ਗਾਵਾਂ ਵਿੱਚ ਪਿਛਲੇ ਸਾਲ ਦੇਖਣ ਨੂੰ ਮਿਲਿਆ ਸੀ ਅਤੇ ਇਹ ਬਿਮਾਰੀ ਚਿੱਚੜਾਂ-ਜੂਆਂ ਦੇ ਗਊਆਂ ਨੂੰ ਕੱਟਣ ਨਾਲ ਫੈਲਦੀ ਹੈ। ਇਸ ਲਈ ਵੈਕਟਰ ਸੀਜ਼ਨ ਤੋਂ ਪਹਿਲਾਂ ਹੀ ਇਸ ਵੈਕਸੀਨੇਸ਼ਨ ਦਾ ਕੰਮ ਆਰੰਭਿਆ ਜਾ ਰਿਹਾ ਹੈ।

ਇਸ ਮੌਕੇ ਡਾ. ਹਰਪ੍ਰੀਤ ਸਿੰਘ ਢਿਲੋਂ, ਡਾ. ਜਸਵਿੰਦਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਹਰਦੀਪ ਸਿੰਘ, ਡਾ. ਜਤਿੰਦਰ ਸਿੰਘ, ਡਾ. ਰਾਕੇਸ਼, ਵੈਟਨਰੀ ਇੰਸਪੈਕਟਰ ਨਵਜੋਤ ਸਿੰਘ, ਅਮਰਪ੍ਰੀਤ ਸਿੰਘ, ਪਸ਼ੂ ਪਾਲਕ ਦਲੇਰ ਸਿੰਘ ਅਤੇ ਜਗਰੂਪ ਸਿੰਘ ਵੀ ਮੌਜੂਦ ਸਨ।

Exit mobile version