ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ: ਪੰਜਾਬ ਪੁਲਿਸ ਵੱਲੋਂ ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮ ਵੱਲੋਂ ਛਾਪੇਮਾਰੀ ਸ਼ੁਰੂ

ਚੰਡੀਗੜ੍ਹ/ਤਰਨ ਤਾਰਨ, 15 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ‘ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਐਫ.ਆਈ.ਆਰ. 21 ਮਿਤੀ 14.02.2023 ਨੂੰ ਥਾਣਾ ਸਿਟੀ ਪੱਟੀ, ਤਰਨਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਿਲ ਸਨ, ਵੱਲੋਂ ਮੰਗਲਵਾਰ ਨੂੰ ਦਿਨ ਭਰ ਚੱਲੀ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

Exit mobile version