ਪੰਜਾਬ ਮੁੱਖ ਖ਼ਬਰ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਬੇਹਤਰ ਇਲਾਜ ਸਹੂਲਤਾਂ ਦੇਣ ਲਈ ਹਦਾਇਤਾਂ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਬੇਹਤਰ ਇਲਾਜ ਸਹੂਲਤਾਂ ਦੇਣ ਲਈ ਹਦਾਇਤਾਂ ਜਾਰੀ
  • PublishedFebruary 17, 2023

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਕੀਤੀ ਸਮੀਖਿਆ

ਗੁਰਦਾਸਪੁਰ, 17 ਫਰਵਰੀ (ਮੰਨਣ ਸੈਣੀ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਦਾ ਇਲਾਜ ਬੇਹਤਰ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਕਿਸੇ ਤਰਾਂ ਦੀ ਢਿੱਲ-ਮੱਠ ਜਾਂ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋ ਚਲਾਏ ਜਾ ਰਹੇ ਵੱਖ-ਵੱਖ ਪੋ੍ਗਰਾਮਾਂ ਦੀ ਵਿਸਥਾਰ ਵਿੱਚ ਸਮੀਖਿਆ ਕੀਤੀ ਗਈ।  

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਟਾਫ਼ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਅਤੇ ਚੰਗੀ ਸਿਹਤ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਨੂੰ ਓਟ ਸੈਂਟਰਾਂ ਵਿੱਚ ਲਿਆ ਕੇ ਉਨ੍ਹਾਂ ਦੀ ਕੌਂਸਲਿੰਗ ਤੇ ਇਲਾਜ ਕੀਤਾ ਜਾਵੇ।

ਮੀਟਿੰਗ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਹਾਈਪਰਟੇਂਸ਼ਨ ਕੰਟਰੋਲ ਪੋ੍ਗਰਾਮ ਵਿਚ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਵਿਚ ਪਹਿਲੇ ਨੰਬਰ ’ਤੇ ਹੈ। ਇਸਤੋਂ ਇਲਾਵਾ ਟੀਬੀ ਕੰਟਰੋਲ ਪੋ੍ਗਰਾਮ ਵਿਚ ਜ਼ਿਲੇ ਦਾ ਨਾਮ ਬਰੋਂਜ ਮੈਡਲ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ 32 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਜਲਦ ਹੀ 2 ਹੋਰ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਟੀਕਾਕਰਨ ਦੇ ਟੀਚਿਆਂ ਨੂੰ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏਨੀਂ ਦਿਨੀ ਦੰਦਾਂ ਦੀ ਦੇਖਭਾਲ ਦਾ ਪਖਵਾੜਾ ਅਤੇ ਵਿਸ਼ੇਸ਼ ਟੀਕਾਕਰਨ ਹਫਤਾ ਵੀ ਜਾਰੀ ਹੈ। ਦੰਦਾਂ ਦੀ ਦੇਖਭਾਲ ਦੇ ਪਖਵਾੜੇ ਦੌਰਾਨ ਜ਼ਿਲ੍ਹੇ ਵਿਚ 180 ਦੰਦਾਂ ਦੇ ਸੈਟ ਲਗਾਏ ਜਾਣਗੇ। ਟੀਕਾਕਨ ਮੁਹਿੰਮ ਤਹਿਤ ਜੋ ਬਚੇ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ ਉਨਾਂ ਨੂੰ ਟੀਕੇ ਲਗਾਏ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀਆਈਓ ਡਾ. ਅਰਵਿੰਦ ਮਨਚੰਦਾ, ਡੀਐਮਸੀ ਡਾ. ਰੋਮੀ ਰਾਜਾ, ਡਾ. ਪ੍ਭਜੋਤ ਕਲਸੀ, ਡੀਡੀਐਚਓ ਡਾ. ਸ਼ੈਲਾ ਕੰਵਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire