ਗੁਰਦਾਸਪੁਰ ਦੇਸ਼

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
  • PublishedFebruary 20, 2023

ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ ਚਰਚਾ ਕੀਤੀ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਬਾਰੇ ਵੀ ਵਿਚਾਰਾਂ ਹੋਈਆਂ

ਗੁਰਦਾਸਪੁਰ, 19 ਫਰਵਰੀ (ਮੰਨਣ ਸੈਣੀ) । ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜ਼ਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਜਲੰਧਰ ਵਿਖੇ ਹੋਣ ਵਾਲੀ ਜ਼ਿਮਨੀ ਲੋਕ ਸਭਾ ਚੋਣ ਬਾਰੇ ਵੀ ਵਿਚਾਰਾਂ ਕੀਤੀਆਂ।

ਮੀਟਿੰਗ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਮੁੱਦੇ ਵਿਚਾਰਦਿਆਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਮੈਡੀਕਲ ਕਾਲਜ ਦੀ ਬੇਹੱਦ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਡੱਲਾ ਗੋਰੀਆਂ ਵਿਖੇ ਬਣ ਰਹੇ ਸੈਨਿਕ ਸਕੂਲ, ਕਾਦੀਆਂ ਅਤੇ ਧਾਰੀਵਾਲ ਸ਼ਹਿਰਾਂ ਵਿੱਚ ਸੀਵਰੇਜ ਸਪਲਾਈ ਪਾਉਣ, ਕਲਾਨੌਰ ਵਿਖੇ ਗੰਨਾ ਰਿਸਚਰ ਇੰਸਟੀਚਿਊਟ ਅਤੇ ਦੀਨਾਨਗਰ ਵਿਖੇ ਲੀਚੀ ਰਿਸਰਚ ਅਤੇ ਪ੍ਰੋਸੈਸਿੰਗ ਯੂਨਿਟ ਲਗਾਉਣ, ਅਚਲੇਸ਼ਵਰ ਧਾਮ ਦੇ ਸੁੰਦਰੀਕਰਨ ਪ੍ਰੋਜੈਕਟ, ਬਟਾਲਾ ਸਨਅਤ ਦੀ ਮੁੜ-ਸੁਰਜੀਤੀ, ਧਾਰੀਵਾਲ ਵੂਲਨ ਮਿੱਲ ਨੂੰ ਮੁੜ ਸ਼ੁਰੂ ਕਰਨ, ਕਲਾਨੌਰ ਵਿਖੇ ਲੱਗਣ ਵਾਲੇ ਮੈਗਾ ਸੋਲਰ ਪਾਵਰ ਪ੍ਰੋਜੈਕਟ ਅਤੇ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਪਨਿਆੜ (ਗੁਰਦਾਸਪੁਰ) ਦੀ ਸਮਰੱਥਾ ਵਧਾਉਣ ਬਾਰੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਜਾ ਰਹੀਆਂ ਗਰੰਟੀਆਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਰਾਜ ਦੇ ਲੋਕ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਦਾ ਅਧਾਰ ਹੋਰ ਵੀ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ ਅਤੇ 2024 ਵਿੱਚ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੂੰ ਅਸ਼ੀਰਵਾਦ ਤੇ ਥਾਪੜਾ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਪੂਰੀ ਮਿਹਨਤ ਤੇ ਤਨਦੇਹੀ ਨਾਲ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸੰਘਰਸ਼ ਵਿੱਚੋਂ ਨਿਕਲੀ ਪਾਰਟੀ ਹੈ ਅਤੇ ਲੋਕ ਸੇਵਾ ਹੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਹਿੰਦੀਆਂ ਗਰੰਟੀਆਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।

Written By
The Punjab Wire