ਗੁਰਦਾਸਪੁਰ ਪੰਜਾਬ

ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ

ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ
  • PublishedFebruary 22, 2023

ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ – ਵਿਧਾਇਕ ਸ਼ੈਰੀ ਕਲਸੀ

ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਫਰਵਰੀ ( ਮੰਨਣ ਸੈਣੀ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਸ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਤੋਂ ਇੱਕ ਵਿਸ਼ੇਸ਼ ਮਸ਼ਾਲ ਰੈਲੀ ਕੱਢੀ ਗਈ ਜਿਸਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਮਸ਼ਾਲ ਰੈਲੀ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਿੰਨ ਸਕੂਲ ਆਫ ਐਮੀਨੈਂਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।  

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।

ਜਿ਼ਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਲਖਵਿੰਦਰ ਸਿੰਘ, ਉੱਪ ਸਿੱਖਿਆ ਅਫ਼ਸਰ ਸ. ਬਲਬੀਰ ਸਿੰਘ ਘੁੰਮਣ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।  

Written By
The Punjab Wire