ਅਜਿਹੇ ਲੋਕ ਪੱਖੀ ਅਤੇ ਮੁਲਾਜ਼ਮ ਪੱਖੀ ਫੈਸਲੇ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੈ ਸਕਦੀ ਹੈ – ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 22 ਫਰਵਰੀ ( ਮੰਨਣ ਸੈਣੀ ) । ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਕੱਲ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫ਼ੈਸਲੇ ਦਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸਵਾਗਤ ਕੀਤਾ ਹੈ। ਰਾਜ ਸਰਕਾਰ ਦੇ ਇਸ ਲੋਕ ਪੱਖੀ ਫੈਸਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਸ੍ਰੀ ਬਹਿਲ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਐੱਡਹਾਕ, ਕੰਟਰੈਕਟ, ਡੇਲੀਵੇਜ, ਵਰਕ ਚਾਰਜਡ ਅਤੇ ਆਰਜ਼ੀ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਲਗਪਗ 13,000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਪਹਿਲਾਂ ਹੀ ਰੈਗੂਲਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਐੱਡਹਾਕ, ਕੰਟਰੈਕਟ, ਡੇਲੀ ਵੇਜਿਜ਼, ਵਰਕ ਚਾਰਜਡ ਅਤੇ ਆਰਜ਼ੀ ਆਧਾਰ ’ਤੇ ਇਸ ਨੀਤੀ ਦੇ ਲਾਗੂ ਹੋਣ ਤੱਕ ਘੱਟੋ-ਘੱਟ ਲਗਾਤਾਰ 10 ਵਰ੍ਹਿਆਂ ਦੀ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਦੀਆਂ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੋਕ ਪੱਖੀ ਅਤੇ ਮੁਲਾਜ਼ਮ ਪੱਖੀ ਫੈਸਲੇ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੈ ਸਕਦੀ ਸੀ ਕਿਉਂਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਮੰਗਾਂ ਅਤੇ ਦੁੱਖ-ਤਕਲੀਫਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ਤੋਂ ਮੁਲਾਜ਼ਮ ਵਰਗ ਪੂਰੀ ਤਰਾਂ ਖੁਸ਼ ਹੈ।