ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਕੂਲਾਂ ’ਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਡਿਪਟੀ ਕਮਿਸ਼ਨਰ ਨੇ ਰੀਵਿਊ ਕੀਤਾ
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ-ਵੱਖ ਵਜ਼ੀਫਾ ਸਕੀਮਾਂ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਕੀਤਾ ਜਾਵੇ ਜਾਗਰੂਕ
ਗੁਰਦਾਸਪੁਰ, 22 ਫਰਵਰੀ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਚਲਾਈਆਂ ਜਾ ਰਹੀਆਂ ਸਿੱਖਿਆ ਸਕੀਮਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਜ਼ੀਫਾ ਸਕੀਮਾਂ ਬਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਤਾਂ ਜੋ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10ਵੀਂ ਜਮਾਤ ਵਿਚੋਂ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਸਕੀਮ ਤਹਿਤ 26000 ਰੁਪਏ ਦਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਹਾਸਲ ਕਰਨ ਸਮੇਂ ਵੀ ਵਜ਼ੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਆਫ ਐਮੀਨੇਂਸ, ਮੈਰੀਟੋਰੀਅਸ ਸਕੂਲ ਅਤੇ ਜਵਾਹਰ ਨਵੋਦਿਆ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਤਿੰਨ ਸਕੂਲਾਂ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧਰਮਪੁਰਾ ਕਲੋਨੀ ਬਟਾਲਾ ਨੂੰ ਸਕੂਲ ਆਫ ਐਮੀਨੇਂਸ ਵੱਜੋਂ ਚੁਣਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਬੱਚੇ ਨਸ਼ਿਆਂ ਤੋਂ ਦੂਰ ਰਹਿਣ। ਇਸ ਤੋਂ ਇਲਾਵਾ ਬੱਚਿਆਂ ਦੀ ਪ੍ਰੀਤਿਭਾ ਨੂੰ ਨਿਖਾਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸਦੇ ਨਾਲ ਬੱਚਿਆਂ ਦੀ ਕਰੀਅਰ ਕੌਂਸਲਿੰਗ ਵੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ ਵਿਦਿਅਕ ਵਰ੍ਹੇ ਤੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਫਸਟ ਏਡ ਦੀ ਟਰੇਨਿੰਗ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਹਿਲ ਦੇ ਅਧਾਰ ’ਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਸ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਦੀਆਂ ਕਿਤਾਬਾਂ ਵੰਡਣ ਦਾ ਕੰਮ ਇਸ ਵਾਰ ਹੁਣ ਤੋਂ ਹੀ ਸ਼ੁਰੂ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਮਿਡ ਡੇਅ ਮੀਲ, ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ, ਸਕੂਲ ਮੈਨਜਮੈਂਟ ਕਮੇਟੀਆਂ, ਨਿੱਜੀ ਸਕੂਲਾਂ ਨੂੰ ਆਰ.ਟੀ.ਈ. ਐਕਟ ਅਧੀਨ ਮਾਨਤਾ ਦੇਣ ਸਬੰਧੀ, ਰੈਜੀਡੈਂਸ ਹੋਸਟਲ ਸੇਖਵਾਂ, ਮੈਰੀਟੋਰੀਅਸ ਸਕੂਲ ਗੁਰਦਾਸਪੁਰ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦਾ ਵੀ ਰੀਵਿਊ ਕੀਤਾ।
ਮੀਟਿੰਗ ਦੌਰਾਨ ਸਰਕਾਰੀ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਿੰਸੀਪਲ ਸ੍ਰੀਮਤੀ ਰਜਨੀ ਜੋ ਕਿ ਪੰਜਾਬ ਸਰਕਾਰ ਵੱਲੋਂ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਆਏ ਹਨ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ੇਖਪੁਰ ਦੇ ਪ੍ਰਿੰਸੀਪਲ ਸ. ਮਨਜੀਤ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧਰਮਪੁਰਾ ਕਲੋਨੀ ਬਟਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ, ਸਮੂਹ ਬੀ.ਪੀ.ਈ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।