ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ
ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ
ਚੰਡੀਗੜ੍ਹ, 23 ਫ਼ਰਵਰੀ 2023 (ਦੀ ਪੰਜਾਬ ਵਾਇਰ )। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ।
ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਨੂੰ ਪੱਤਰ ਲਿਖਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਹੈ।
ਸ. ਬੈਂਸ ਨੇ ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪਣੇ-ਆਪਣੇ ਸਕੂਲਾਂ ਵਿੱਚ ਜਮਾਂ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਅੱਗੇ ਬੋਰਡ ਦੇ ਖਾਤੇ ਜਮਾਂ ਨਹੀਂ ਕਰਵਾਈ ਜਾਂ ਘੱਟ ਜਮਾਂ ਕਰਵਾਈ ਹੈ, ਜਿਸ ਵਿੱਚ ਉਹਨਾਂ ਦਾ ਕੋਈ ਕਸੂਰ ਨਹੀਂ ਹੈ।
ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਬਹੁਤ ਗੰਭੀਰ ਕੁਤਾਹੀ ਹੈ ਜਿਸਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਠੀਕ ਨਹੀਂ ਹੈ। ਸ. ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾਂ ਰੋਕਿਆ ਜਾਵੇ ਕੁਤਾਹੀ ਦੇ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਹਨਾਂ ਨੂੰ ਸੂਚਿਤ ਕੀਤਾ ਜਾਵੇ।