ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ
ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ‘ਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਸ਼ਿਆਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸੀਸੀਟੀਵੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ
ਚੰਡੀਗੜ੍ਹ, 23 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਰਾਹੀਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਸਮੇਤ ਸੰਗਠਿਤ ਅੰਤਰ-ਰਾਜੀ ਅਪਰਾਧਾਂ ਨਾਲ ਨਜਿੱਠਣ ਲਈ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਸੰਜੇ ਕੁੰਡੂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਦੋਵਾਂ ਰਾਜਾਂ ਦੇ ਪੁਲਿਸ ਮੁਖੀਆਂ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਪੁਲਿਸ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।।
ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ-ਵਰਕ ਦਾ ਸੱਦਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਵੇਂ ਪੁਲਿਸ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਖੇਤਰ ਵਿੱਚ ਸੁਰੱਖਿਅਤ ਹਾਲਾਤ ਬਣਾਈ ਰੱਖਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਰੀਅਲ ਟਾਈਮ ਇਨਫਾਰਮੇਸ਼ਨ ਸਾਂਝੀ ਕੀਤੀ ਜਾਵੇ ਅਤੇ ਬੁਨਿਆਦੀ ਪੁਲਿਸਿੰਗ ਨੂੰ ਯਕੀਨੀ ਬਣਾਇਆ ਜਾਵੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਹੱਦ ਉੱਤੇ ਸਾਂਝੇ ਅਪਰੇਸ਼ਨਾਂ ‘ਤੇ ਮਿਲ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਰਾਜਾਂ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਉੱਤੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।
ਉਨ੍ਹਾਂ ਨੇ ਦੋਵੇਂ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਦਰਮਿਆਨ ਲਗਾਤਾਰ ਮੀਟਿੰਗਾਂ ਕਰਨ ਦੀ ਤਜਵੀਜ਼ ਰੱਖੀ ਤਾਂ ਜੋ ਇਸ ਖੇਤਰ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧਿਕ ਗਰੋਹਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ ਕਿਉਂਕਿ ਇਨ੍ਹਾਂ ਰਾਜਾਂ ਵਿੱਚ ਵਾਪਰਦੀਆਂ ਘਟਨਾਵਾਂ ਅਤੇ ਅਪਰਾਧ ਦੇ ਢੰਗ-ਤਰੀਕੇ ਇਕੋ ਜਿਹੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਵਾਸਤੇ ਦੋਵਾਂ ਪੁਲਿਸ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਸ ਦੌਰਾਨ ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਨੇ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸੰਗਠਿਤ ਅੰਤਰ-ਰਾਜੀ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਦੋਵੇਂ ਰਾਜਾਂ ਦੇ ਪੁਲਿਸ ਬਲਾਂ ਦਰਮਿਆਨ ਨਜ਼ਦੀਕੀ ਤਾਲਮੇਲ ਜ਼ਰੀਏ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ।