ਗੁਰਦਾਸਪੁਰ, 25 ਫਰਵਰੀ (ਮੰਨਣ ਸੈਣੀ)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਸ਼ੁੱਕਰਵਾਰ ਦਾ ਅੰਗਰੇਜ਼ੀ ਦਾ ਪੇਪਰ ਇਕ ਘੰਟਾ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਹਾਲਾਂਕਿ ਇਸ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਗਏ ਸਨ ਪਰ ਖ਼ਦਸ਼ਾ ਹੈ ਕਿ ਪੇਪਰ ਲੀਕ ਹੋ ਗਿਆ ਹੈ। ਪਰ ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵਿੱਚ ਨਿਰਾਸ਼ਾ ਹੀ ਦੇਖਣ ਨੂੰ ਮਿਲੀ। ਦੇਰ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਹੋਣ ਵਾਲੀ 12ਵੀਂ ਜਮਾਤ ਦਾ ਪੇਪਰ ਲੀਕ ਹੋਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਉਨ੍ਹਾਂ ਨੇ ਅੱਜ ਹੋਣ ਵਾਲੀ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਤੁਰੰਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬੈਂਸ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਕਹੀ ਗਈ।
ਬੈਂਸ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਅੱਜ ਸ਼ਨਿਵਾਰ ਨੂੰ ਨੂੰ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਡੀਈਓ ਗੁਰਦਾਸਪੁਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਥਾਣਾ ਸਿਟੀ ਨੇ ਦੱਸਿਆ ਕਿ ਡੀਈਓ ਅਮਰਜੀਤ ਸਿੰਘ ਭਾਟੀਆ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੇਪਰ ਲੀਕ ਹੋਣ ਦਾ ਮਾਮਲਾ ਗੁਰਦਾਸਪੁਰ ਵਿੱਚ ਹੀ ਸਾਹਮਣੇ ਆਇਆ ਸੀ।