ਓਵਰਏਜ਼ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀ ਸਰਕਾਰ ਕਦੋਂ ਲਵੇਗੀ ਸਾਰ
ਗੁਰਦਾਸਪੁਰ, 3 ਮਾਰਚ 2023 (ਦੀ ਪੰਜਾਬ ਵਾਇਰ)। ਈਟੀਟੀ 2364 ਅਧਿਆਪਕਾਂ ਦੀ ਭਰਤੀ ਤੋਂ ਬਾਅਦ ਓਵਰਏਜ਼ ਹੋਏ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਕਿਉੰਕਿ ਈਟੀਟੀ 2364 ਅਧਿਆਪਕਾਂ ਦੀ ਭਰਤੀ ਕੋਰਟ ਵਿਚ ਲਟਕ ਰਹੀ ਹੈ ਜਿਸ ਕਾਰਨ ਇਹਨਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਹੋਰ ਕੋਈ ਰਸਤਾ ਦਿਖਾਈ ਨਹੀਂ ਦੇ ਰਿਹਾ। ਇਹ ਬੇਰੁਜ਼ਗਾਰ ਈਟੀਟੀ ਅਧਿਆਪਕ ਲਗਾਤਾਰ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਾਡੀ ਭਰਤੀ ਨੂੰ ਜਲਦ ਪੂਰਾ ਕੀਤਾ ਜਾਵੇ ਸਾਡੇ ਕੋਲ ਇਸ ਭਰਤੀ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ ਜਿਸ ਨਾਲ ਅਸੀਂ ਨੌਕਰੀ ਹਾਸਲ ਕਰ ਸਕੀਏ। ਜਿਸ ਕਰਕੇ ਅਸੀਂ 6635 ਅਤੇ 5994 ਭਰਤੀ ਵਿਚ ਸ਼ਾਮਲ ਨਹੀਂ ਹੋ ਸਕੇ।
ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਈਟੀਟੀ 2364 ਅਧਿਆਪਕਾਂ ਦੀ ਭਰਤੀ ਪੂਰੀ ਕਰੇ ਅਤੇ ਆਉਣ ਵਾਲੇ ਸਮੇਂ ਵਿੱਚ ਓਵਰਏਜ਼ ਬੇਰੁਜ਼ਗਾਰ ਅਧਿਆਪਕਾਂ ਨੂੰ ਉਮਰ ਹੱਦ ਵਿਚ ਵਿਸ਼ੇਸ਼ ਛੋਟ ਦਿੱਤੀ ਜਾਵੇ ਤਾਂ ਜੋ ਉਮਰ ਹੱਦ ਪਾਰ ਕਰ ਚੁੱਕੇ ਬੇਰੁਜ਼ਗਾਰ ਵੀ ਨੌਕਰੀ ਪ੍ਰਾਪਤ ਕਰ ਸਕਣ।
ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਵੋਟਾਂ ਵੇਲੇ ਕੀਤਾ ਸੀ ਉਸ ਨੂੰ ਜਲਦ ਪੂਰਾ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।