ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹਮਦਰਦ ਸਰਕਾਰ – ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 3 ਮਾਰਚ (ਮੰਨਣ ਸੈਣੀ) । ਪੰਜਾਬ ਸਰਕਾਰ ਨੇ ਇਕ ਹੋਰ ਲੋਕ ਪੱਖੀ ਫੈਸਲਾ ਲੈਂਦੇ ਹੋਏ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਉਮਰ ਨੂੰ 58 ਸਾਲ ਤੋਂ 60 ਸਾਲ ਤੱਕ ਵਧਾ ਦਿੱਤਾ ਹੈ। ਰਾਜ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਭਗਵੰਤ ਮਾਨ ਸਰਕਾਰ ਨੇ ਪੂਰਾ ਕਰਦਿਆਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਸ੍ਰੀ ਰਮਨ ਬਹਿਲ ਨੇ ਰਾਜ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਵੇਟ ਏਡਿਡ ਕਾਲਜਾਂ ਵਿੱਚ ਮੌਜੂਦਾ ਸਮੇਂ ਦੌਰਾਨ ਕੰਮ ਕਰ ਰਹੇ ਟੀਚਿੰਗ ਫ਼ੈਕਲਟੀ ਦੀ ਰਿਟਾਇਰਮੈਂਟ ਉਮਰ ਪਹਿਲਾਂ ਦੀ ਤਰਾਂ 60 ਸਾਲ ਹੋਵੇਗੀ, ਪ੍ਰੰਤੂ ਪ੍ਰਾਈਵੇਟ ਏਡਿਡ ਕਾਲਜਾਂ ਵਿੱਚ ਮਿਤੀ 1 ਅਪ੍ਰੈਲ 2023 ਜਾਂ ਇਸ ਤੋਂ ਬਾਅਦ ਨਿਯੁਕਤ ਹੋਣ ਵਾਲੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਉਮਰ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਟੀਚਿੰਗ ਫੈਕਲਟੀ ਅਨੁਸਾਰ ਹੀ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਬੰਧਕੀ ਵਿਭਾਗ ਵੱਲੋਂ ਯੂ.ਜੀ.ਸੀ. ਤਨਖਾਹਾਂ ਸਕੇਲਾਂ ਸਬੰਧੀ ਜਾਰੀ ਨੋਟੀਫਿਕੇਸ਼ਨ ਮਿਤੀ 29 ਸਤੰਬਰ 2022 ਦੇ ਪੈਰ੍ਹਾ 13 (ਦੋ) ਅਤੇ 13 (ਤਿੰਨ) ਵਿੱਚ ਕੀਤੇ ਉਪਬੰਧ (ਅਲਾਊਂਸਿਸ ਅਤੇ ਪੈਨਸ਼ਨ) ਪ੍ਰਾਈਵੇਟ ਏਡਿਡ ਕਾਲਜਾਂ ਦੀ ਟੀਚਿੰਗ ਫੈਕਲਟੀ `ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਏਡਿਡ ਕਾਲਜਾਂ ਦੀ ਟੀਚਿੰਗ ਫੈਕਲਟੀ ਨੂੰ ਇਹ ਨੋਟੀਫਿਕੇਸ਼ਨ ਲਾਗੂ ਹੋਣ ਤੋਂ ਪਹਿਲਾਂ ਮਿਲ ਰਹੇ ਅਲਾਊਂਸਿਸ ਮਿਲਦੇ ਰਹਿਣਗੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਇਸ ਫੈਸਲੇ ਲਈ ਜਿਥੇ ਰਾਜ ਸਰਕਾਰ ਦਾ ਧੰਨਵਾਦ ਕੀਤਾ ਹੈ ਓਥੇ ਸੂਬੇ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹਮਦਰਦ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀਆਂ ਜਾਇਜ ਮੰਗਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।