ਬਦਲਾਵ:- ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ, 5 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ।

ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।

ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ ,ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।

ਸ. ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।

Exit mobile version