ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ
ਚੰਡੀਗੜ, 7 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ ਦੁਲਚੀ ਕੇ, ਜਿਲਾ ਫਿਰੋਜਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਸਮੇਤ ਡਿਵੀਜਨਲ ਰੇਲਵੇਜ ਮੈਨੇਜਰ, ਫਿਰੋਜਪੁਰ ਵਿਖੇ ਤਾਇਨਾਤ ਰਵੀ ਮਲਹੋਤਰਾ, ਹੈੱਡ ਕਲਰਕ ਅਤੇ ਜੋਗਿੰਦਰ ਸਿੰਘ ਕਲਰਕ ਵਿਰੁੱਧ ਪਿੰਡ ਅਲੀ ਕੇ, ਜ਼ਿਲਾ ਫਿਰੋਜਪੁਰ ਦੇ ਵਸਨੀਕ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਰੇਲਵੇ ਮੁਲਾਜ਼ਮਾਂ ਨੇ ਦਲਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਉਸਦੇ ਦੋ ਪੁੱਤਰਾਂ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ਹੇਠ 9 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਜਾਅਲੀ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਸੌਂਪ ਦਿੱਤੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਹੁਣ ਇਸ ਸਬੰਧੀ ਬਾਕੀ ਰਹਿੰਦੇ ਕੰਮ ਨੂੰ ਅੰਜਾਮ ਦੇਣ ਲਈ 20,000 ਰੁਪਏ ਹੋਰ ਮੰਗ ਰਿਹਾ ਹੈ ਅਤੇ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।.00
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ ਉਕਤ ਦੋਸ਼ੀ ਦਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।