Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
  • PublishedMarch 10, 2023

ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਕੈਂਪ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਕੈਂਪ’ ਲਗਾ ਕੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਰੋਜ਼ਾਨਾਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਕੈਂਪ’ ਲਗਾਏ ਜਾਂਦੇ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ‘ਅਬਾਦ ਸੰਜੀਵਨੀ ਕੈਂਪ’ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਪਹੁੰਚ ਰਿਹਾ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸਥਿਤ ਸ਼ਹਿਰ ਦੇ ਹਸਪਤਾਲ ਵਿੱਚ ਦਵਾਈ ਲੈਣ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕੈਂਪਾਂ ਜਰੀਏ ਜਿਥੇ ਸਰਹੱਦੀ ਇਲਾਕੇ ਦੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ ਓਥੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਕੈਂਪ’ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਅਤੇ ਸਬੰਧਤ ਪਿੰਡਾਂ ਵਿੱਚ ਇਨ੍ਹਾਂ ਕੈਂਪਾਂ ਸਬੰਧੀ ਮੁਨਾਦੀ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਪਿੰਡਾਂ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਵਚਨਬੱਧ ਹੈ।  

Written By
The Punjab Wire