Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • PublishedMarch 14, 2023

ਬਲਜ ਏਰੀਏ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 14 ਮਾਰਚ 2023 (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਮਕੌੜਾ ਪੱਤਣ (ਰਾਵੀ ਦਰਿਆ) ਤੋਂ ਪਾਰ ਦੇ ਇਲਾਕੇ (ਬਲਜ ਏਰੀਏ) ਦੇ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਕੌੜਾ ਪੱਤਣ ਤੋਂ ਪਾਰ ਦੇ ਇਲਾਕੇ ਦੇ ਵਿਕਾਸ ਲਈ ਜੋ ਵੀ ਬੁਨਿਆਦੀ ਢਾਂਚਾ ਲੋੜੀਂਦਾ ਹੈ ਉਸ ਨੂੰ ਤਿਆਰ ਕੀਤਾ ਜਾਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਬਲਜ ਏਰੀਏ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।  

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਲਜ ਏਰੀਏ ਦੇ ਇਲਾਕੇ ਵਿੱਚ ਚੱਲ ਰਹੇ ਹੈਲਥ ਐਂਡ ਵੈੱਲਨੈਸ ਸੈਂਟਰ ਵਿੱਚ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ ਇਸ ਖੇਤਰ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕਰਦੇ ਰਹਿਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਦਿਆਰਥੀਆਂ ਲਈ ਚੱਲ ਰਹੇ ਸਰਕਾਰੀ ਮਿਡਲ ਸਕੂਲ ਤੂਰ ਨੂੰ ਸੀਨੀਅਰ ਸਕੈਂਡਰੀ ਸਕੂਲ ਤੱਕ ਅਪਗਰੇਡ ਕਰਨ ਲਈ ਸਕੂਲ ਸਿੱਖਿਆ ਵਿਭਾਗ ਨੂੰ ਤਜਵੀਜ ਭੇਜੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਵਿਖੇ ਬਣਨ ਵਾਲੇ ਹਾਈ ਲੈਵਲ ਬਰਿੱਜ ਸਬੰਧੀ ਲੋਕ ਨਿਰਮਾਣ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਕੋਲੋਂ ਪੁਲ ਦੇ ਪ੍ਰੋਜੈਕਟ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੁੱਲ ਬਣਾਉਣ ਲਈ ਜੋ ਵੀ ਮਨਜ਼ੂਰੀਆਂ ਲੋੜੀਂਦੀਆਂ ਹਨ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਮੁਕੰਮਲ ਕੀਤਾ ਜਾਵੇ ਤਾਂ ਜੋ ਮਕੌੜਾ ਪੱਤਣ ’ਤੇ ਜਲਦ ਤੋਂ ਜਲਦ ਪੁੱਲ ਦਾ ਨਿਰਮਾਣ ਸ਼ੁਰੂ ਕਰਕੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਵੀ ਦਰਿਆ ਤੋਂ ਪਾਰ ਵੱਸਦੇ ਲੋਕਾਂ ਦੀ ਸਹੂਲਤ ਲਈ ਮਕੌੜਾ ਪੱਤਣ ’ਤੇ ਦੋ ਹੋਰ ਕਿਸ਼ਤੀਆਂ ਮੁਹੱਈਆ ਕਰਵਾਈਆਂ  ਜਾਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਮਕੌੜਾ ਪੱਤਣ ਤੋਂ ਪਾਰ (ਬਲਜ ਏਰੀਆ) ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਇਲਾਕੇ ਦੇ ਵਸਨੀਕਾਂ ਦੀਆਂ ਜੋ ਮੰਗਾਂ ਹਨ ਉਨ੍ਹਾਂ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਜ ਏਰੀਏ ਦੇ ਵਿਕਾਸ ਨੂੰ ਤਰਜੀਹੀ ਤੌਰ ’ਤੇ ਮੁਕੰਮਲ ਕਰਨ।

ਮੀਟਿੰਗ ਦੌਰਾਨ ਜੀ.ਐੱਮ. ਇੰਡਸਟਰੀ ਸ. ਸੁਖਪਾਲ ਸਿੰਘ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਅਮਰਜੀਤ ਸਿੰਘ ਭਾਟੀਆ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।  

Written By
The Punjab Wire