ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ
ਸੂਬਾ ਸਰਕਾਰ ਬਾਗਬਾਨੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਕਰ ਰਹੀ ਹੈ ਉਤਸ਼ਾਹਿਤ: ਜੌੜਾਮਾਜਰਾ
ਚੰਡੀਗੜ੍ਹ, 14 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ।
ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ।
ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।