ਜ਼ਿਲ੍ਹੇ ਦੇ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਸੇ ਤੇ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਬਾਰੇ ਕੀਤੀਆਂ ਵਿਚਾਰਾਂ
13 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬਟਾਲਾ ਵਿਖੇ ਹੋਵੇਗਾ ਵਿਸ਼ੇਸ਼ ਪ੍ਰੋਗਰਾਮ
23 ਮਾਰਚ ਨੂੰ ਸੁਖਜਿੰਦਰਾ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ
ਗੁਰਦਾਸਪੁਰ, 15 ਮਾਰਚ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ, ਸਵਿੰਦਰ ਸਿੰਘ ਗਿੱਲ, ਪ੍ਰੋ. ਰਾਜ ਕੁਮਾਰ ਸ਼ਰਮਾਂ, ਸ. ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਐੱਸ.ਡੀ.ਓ. ਲਵਪ੍ਰੀਤ ਸਿੰਘ, ਐਡਵੋਕੇਟ ਰਜੀਵ ਅੱਤਰੀ, ਰਾਜੀਵ ਸਿੰਘ, ਹਰਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਸ਼ਹੀਦੀ ਗੈਲਰੀ, ਲਾਇਬ੍ਰੇਰੀ, ਮਲਟੀਮੀਡੀਆ ਰੂਮ, ਸਮਾਰਕ ਦੀਆਂ ਪਾਰਕਾਂ ਅਤੇ ਫੁਹਾਰਿਆਂ ਦਾ ਨਿਰੀਖਣ ਕੀਤਾ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਮਾਰਕ ਵਿੱਚ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਸਦੀ ਖੂਬਸੂਰਤੀ ਵਿੱਚ ਹੋਰ ਵਾਧਾ ਕਰਨ ਲਈ ਫੁੱਲ-ਬੂਟੇ ਲਗਾਏ ਜਾਣ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ ਨੂੰ ਬਟਾਲਾ ਸ਼ਹਿਰ ਵਿਖੇ ਵਿਸਾਖੀ ਨੂੰ ਸਮਰਪਿਤ ਨੁੱਕੜ ਨਾਟਕ, ਸੱਭਿਆਚਾਰਕ ਪ੍ਰੋਗਰਾਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਇਨ੍ਹਾਂ ਪ੍ਰੋਗਰਾਮਾਂ ਦੀਆਂ ਤਿਆਰੀਆਂ ਵਿੱਚ ਜੁਟ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 23 ਮਾਰਚ ਨੂੰ ਸੁਖਜਿੰਦਰਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 6 ਮਈ ਨੂੰ ਬਟਾਲਾ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮਨਾਈ ਜਾਵੇਗੀ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਅਮੀਰ ਵਿਰਸੇ ਤੇ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਰਸਾ ਦਰਸ਼ਨ ਪ੍ਰੋਗਰਾਮ ਤਹਿਤ ਸਕੂਲਾਂ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੀ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੇ ਮੁਫ਼ਤ ਦਰਸ਼ਨ ਕਰਵਾਏ ਜਾਣਗੇ।