ਗੁਰਦਾਸਪੁਰ

ਮਿਸ਼ਨ ‘ਅਬਾਦ’ ਤਹਿਤ ਪਿੰਡ ਆਦੀਆਂ ਵਿਖੇ ਲਗਾਇਆ ਗਿਆ 7ਵਾਂ ਵਿਸ਼ੇਸ਼ ਕੈਂਪ

ਮਿਸ਼ਨ ‘ਅਬਾਦ’ ਤਹਿਤ ਪਿੰਡ ਆਦੀਆਂ ਵਿਖੇ ਲਗਾਇਆ ਗਿਆ 7ਵਾਂ ਵਿਸ਼ੇਸ਼ ਕੈਂਪ
  • PublishedMarch 17, 2023

ਅਬਾਦ ਕੈਂਪ ਦੌਰਾਨ ਪਿੰਡ ਆਦੀਆਂ, ਚੌਂਤਰਾ, ਸਲਾਚ, ਧੰਮਣ ਅਤੇ ਸ਼ਾਹਪੁਰ ਦੇ 663 ਵਿਅਕਤੀਆਂ ਨੇ ਭਲਾਈ ਯੋਜਨਾਵਾਂ ਦਾ ਲਾਭ ਲਿਆ

ਅਬਾਦ ਕੈਂਪ ਜ਼ਰੀਏ ਲੋਕਾਂ ਨੂੰ ਉਨ੍ਹਾਂ ਪਿੰਡ ਵਿੱਚ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਵਧੀਆ ਉਪਰਾਲਾ – ਜਸਟਿਸ ਸ੍ਰੀ ਐੱਚ.ਐੱਸ. ਮਦਾਨ

ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਸਰਕਾਰੀ ਸਹੂਲਤਾਂ ਦੇਣ ਦਾ ਸਬੱਬ ਬਣ ਰਹੇ ਹਨ ਅਬਾਦ ਕੈਂਪ : ਡਿਪਟੀ ਕਮਿਸ਼ਨਰ

ਆਦੀਆਂ/ਗੁਰਦਾਸਪੁਰ, 17 ਮਾਰਚ ( ਮੰਨਣ ਸੈਣੀ) । ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਹੱਦੀ ਖੇਤਰ ਦੇ ਵਿਕਾਸ ਲਈ ਚਲਾਏ ਜਾ ਰਹੇ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਸਰਹੱਦੀ ਪਿੰਡ ਆਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਆਦੀਆਂ ਤੋਂ ਇਲਾਵਾ ਸਰਹੱਦੀ ਪਿੰਡ ਚੌਂਤਰਾ, ਸਲਾਚ, ਧੰਮਣ ਅਤੇ ਸ਼ਾਹਪੁਰ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ, ਜਿਸ ਦੌਰਾਨ 663 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਲਿਆ।

ਪਿੰਡ ਆਦੀਆਂ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਐੱਚ.ਐੱਸ. ਮਦਾਨ ਨੇ ਕਿਹਾ ਕਿ ਅਬਾਦ ਕੈਂਪ ਜ਼ਰੀਏ ਲੋਕਾਂ ਨੂੰ ਉਨ੍ਹਾਂ ਪਿੰਡ ਵਿੱਚ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਲੋਕ ਭਲਾਈ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਸਰਹੱਦੀ ਪੱਟੀ ਨਾਲ ਰਹਿੰਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਹੈ ਅਤੇ ਨਾਲ ਇਨ੍ਹਾਂ ਪਿੰਡਾਂ ਵਿੱਚ ਵਿਕਾਸ ਪੱਖੋਂ ਜੋ ਘਾਟਾਂ ਹਨ ਉਨ੍ਹਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਜਿਥੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਓਥੇ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪ ਵੀ ਵਰਦਾਨ ਸਾਬਤ ਹੋ ਰਹੇ ਹਨ। ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਆਬਾਦ ਕੈਂਪਾਂ ਦੌਰਾਨ ਭਾਰਤੀ ਫੌਜ, ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ।

ਅੱਜ ਦੇ ਅਬਾਦ ਕੈਂਪ ਦੌਰਾਨ ਸੇਵਾ ਕੇਂਦਰ ਨੇ 26 ਅਧਾਰ ਕਾਰਡ ਅਤੇ ਈ. ਸੇਵਾ ਵਿੱਚ ਜਾਤੀ ਸਰਟੀਫਿਕੇਟ, ਆਮਦਨ, ਰੂਰਲ, ਰੈਜੀਡੈਂਸ ਅਤੇ ਬਾਰਡਰ ਏਰੀਏ ਦੇ 20 ਸਰਟੀਫਿਕੇਟ ਮੌਕੇ ’ਤੇ ਜਾਰੀ ਕੀਤੇ। ਇਸ ਮੌਕੇ ਸਿਹਤ ਵਿਭਾਗ ਵੱਲੋਂ ਲਗਾਏ ਸਟਾਲ ’ਤੇ ਮਾਹਿਰ ਡਾਕਟਰਾਂ ਵੱਲੋਂ 107 ਮਰੀਜਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਸਰਹੱਦੀ ਪਿੰਡਾਂ ਦੇ ਵਸਨੀਕ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਇਸ ਕੈਂਪ ਤੋਂ ਬਹੁਤ ਖੁਸ਼ ਸਨ ਅਤੇ ਉਨਾਂ ਨੇ ਇਸ ਉਪਰਾਲੇ ਲਈ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਅਬਾਦ ਕੈਂਪ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਐੱਸ.ਡੀ.ਐੱਮ. ਦੀਨਾਨਗਰ ਪਰਮਪ੍ਰੀਤ ਸਿੰਘ ਗੁਰਾਇਆ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਸਕੱਤਰ ਰੈੱਡ ਕਰਾਸ ਸੁਸਾਇਟੀ ਸ੍ਰੀ ਰਾਜੀਵ ਸਿੰਘ, ਰੋਜ਼ਗਾਰ ਦਫ਼ਤਰ ਤੋਂ ਸ੍ਰੀ ਚਾਂਦ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਪਿੰਡ ਆਦੀਆਂ ਵਿਖੇ ਅੱਜ ਇਹ 7ਵਾਂ ਕੈਂਪ ਸੀ ਜਦਕਿ ਇਸਤੋਂ ਪਹਿਲਾਂ ਝਬਕਰਾ, ਡੇਰਾ ਬਾਬਾ ਨਾਨਕ, ਸ਼ਹੂਰਕਲਾਂ, ਠੇਠਰਕੇ, ਇਸਲਾਮਪੁਰ ਅਤੇ ਗੁਰਚੱਕ ਵਿਖੇ ਵੀ ਅਬਾਦ ਕੈਂਪ ਲਗਾਏ ਜਾ ਚੁੱਕੇ ਹਨ।

Written By
The Punjab Wire