ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਕੀਤਾ ਹਿਰਾਸਤ ‘ਚ, ਵਾਰਿਸ ਪੰਜਾਬ ਦੇ ਪ੍ਰਧਾਨ ਦੀ ਗ੍ਰਿਫਤਾਰੀ ਦੀ ਵੀ ਚਰਚਾ, ਕਈ ਜਿਲ੍ਹੇਆਂ ਅੰਦਰ ਇੰਟਰਨੈਟ ਬੰਦ

ਚੰਡੀਗੜ੍ਹ, 18 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਵੀ ਚਰਚਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮੋਗਾ ਦੇ ਐਸਐਸਪੀ ਜੇ ਏਲਨਚੇਲੀਅਨ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ, ਉਸ ਦੀ ਭਾਲ ਲਈ ਆਪਰੇਸ਼ਨ ਜਾਰੀ ਹੈ। ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਨੇੜਿਓਂ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਅੰਮ੍ਰਿਤਪਾਲ ਖੁਦ ਪੁਲਸ ਨੂੰ ਦੇਖ ਕੇ ਫਰਾਰ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਅਤੇ ਸੂਤਰਾਂ ਅਨੁਸਾਰ ਉਸ ਨੂੰ ਮੋਗਾ ਜ਼ਿਲ੍ਹੇ ਤੋਂ ਕਾਬੂ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਦੇ ਮਗਰ ਵੀ ਲੱਗੀ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਉਸ ਨੂੰ ਕੁਝ ਸਮੇਂ ‘ਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਉੱਥੇ ਹੀ ਅਹਤਿਆਤ ਦੇ ਤੌਰ ਤੇ ਪੰਜਾਬ ਦੇ ਕਈ ਜਿਲ੍ਹਿਆਂ ਅੰਦਰ ਇੰਟਰਨੈਟ ਬੰਦ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਰੱਖੇ ਗਏ ਅੰਮ੍ਰਿਤਪਾਲ ਦਾ ਸਮਾਗਮ ਵੀ ਰੱਦ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਨੇ ਸਾਢੇ 9 ਵਜੇ ਉਥੇ ਪਹੁੰਚਣਾ ਸੀ ਪਰ ਜਦੋਂ ਉਹ ਨਹੀਂ ਪਹੁੰਚੇ ਤਾਂ ਸਟੇਜ ਤੋਂ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਹ ਮਾਮਲਾ ਹੈ ਰੂਪਨਗਰ ਜ਼ਿਲੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਮੇਤ ਆਪਣੇ 30 ਸਮਰਥਕਾਂ ‘ਤੇ ਅਗਵਾ ਅਤੇ ਕੁੱਟਮਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਲਵਪ੍ਰੀਤ ਅਤੇ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਨੂੰ ਪੁਲੀਸ ਨੇ ਪਹਿਲਾਂ ਹੀ ਛੱਡ ਦਿੱਤਾ ਸੀ ਪਰ ਲਵਪ੍ਰੀਤ ਦੀ ਰਿਹਾਈ ਲਈ ਅੰਮ੍ਰਿਤਪਾਲ ਨੇ ਥਾਣੇ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਅੰਮ੍ਰਿਤਪਾਲ ਆਪਣੇ ਸਮਰਥਕਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਥਾਣੇ ਪੁੱਜੇ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਬੈਰੀਕੇਡ ਤੋੜ ਦਿੱਤੇ ਅਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਐਸਪੀ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

Exit mobile version