ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚੋਂ ਪਿਛਲੇ ਇੱਕ ਮਹੀਨੇ ’ਚ 36690 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 21 ਮਾਰਚ 2023 (ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਮਾਜ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਅਲਟਰਾ ਸਾਊਂਡ ਸਕੈਨਿੰਗ ਸੈਂਟਰਾਂ ਉੱਪਰ ਖਾਸ ਨਜ਼ਰ ਰੱਖੀ ਜਾਵੇ ਅਤੇ ਸਮੇਂ-ਸਮੇਂ ਇਨ੍ਹਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇ ਤਾਂ ਜੋ ਕੋਈ ਵਿਅਕਤੀ ਲਿੰਗ ਨਿਰਧਾਰਨ ਟੈਸਟ ਨਾ ਕਰ ਸਕੇ ਨਾ ਕਰਵਾ ਸਕੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਵਿਖੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਰੀਵਿਊ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮਜ਼ ਵੱਲੋਂ ਗਰਭਵਤੀ ਮਹਿਲਾਵਾਂ ਦੀ 100 ਫੀਸਦੀ ਰਜਿਸਟਰੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਵੀ ਉਨ੍ਹਾਂ ਨੂੰ ਦਿੱਤਾ ਜਾਵੇ।
ਆਮ ਆਦਮੀ ਕਲੀਨਿਕਾਂ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਦਾ ਇਹ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਉੱਚ ਅਧਿਕਾਰੀਆਂ ਵੱਲੋਂ ਵੀ ਸਮੇਂ-ਸਮੇਂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 27 ਜਨਵਰੀ 2023 ਤੋਂ 28 ਫਰਵਰੀ 2023 ਤੱਕ ਜ਼ਿਲ੍ਹੇ ਦੇ 32 ਆਮ ਆਦਮੀ ਕਲੀਨਿਕਾਂ ਵਿੱਚ 36690 ਮਰੀਜ਼ਾਂ ਦੀ ਓ.ਪੀ.ਡੀ. ਕੀਤੀ ਗਈ ਹੈ ਜਿਨ੍ਹਾਂ ਵਿਚੋਂ 10399 ਮਰੀਜ਼ਾਂ ਦੇ ਵੱਖ-ਵੱਖ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ. ਹੋਰ ਵਧਾਉਣ ਦੇ ਯਤਨ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਜਰੀਏ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣ।