Close

Recent Posts

ਪੰਜਾਬ ਮੁੱਖ ਖ਼ਬਰ

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸੁਰੱਖਿਆ ਸੰਮਤੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸੁਰੱਖਿਆ ਸੰਮਤੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
  • PublishedMarch 22, 2023

ਸਵੈ-ਰੁਜ਼ਗਾਰ ਤੇ ਸਵੈ ਸਹਾਇਤਾ ਸਮੂਹਾਂ ਦੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਤਹਿਤ ਦਿੱਤੇ ਜਾਂਦੇ ਲੋਨ ਪਹਿਲ ਦੇ ਅਧਾਰ ’ਤੇ ਦਿੱਤੇ ਜਾਣ

ਜ਼ਿਲ੍ਹਾ ਗੁਰਦਾਸਪੁਰ ਵਿੱਚ ਆਰ-ਸੇਟੀ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 22 ਮਾਰਚ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸੁਰੱਖਿਆ ਸੰਮਤੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ ਦੇ ਏ.ਜੀ.ਐੱਮ. ਸ੍ਰੀ ਸੰਜੀਵ ਸਿੰਘ, ਨਾਬਾਰਡ ਦੇ ਏ.ਜੀ.ਐੱਮ. ਸ. ਜਸਕੀਰਤ ਸਿੰਘ, ਐੱਲ.ਡੀ.ਐੱਮ ਸ੍ਰੀ ਕੇਵਲ ਕਲਸੀ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐੱਮ. ਸ. ਸੁਖਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਬੈਂਕਾਂ ਅਤੇ ਏ.ਟੀ.ਐੱਮ. ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਬਾਰੇ ਵਿਚਾਰ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬੈਂਕਾਂ ਦੇ ਬਾਹਰ ਪਾਰਕਿੰਗ ਦਾ ਢੁਕਵਾਂ ਪ੍ਰਬੰਧ ਕਰਨ ਅਤੇ ਜੇਕਰ ਪਾਰਕਿੰਗ ਲਈ ਥਾਂ ਦੀ ਘਾਟ ਹੈ ਤਾਂ ਓਥੇ ਵਿਸ਼ੇਸ਼ ਤੌਰ ’ਤੇ ਵਿਅਕਤੀ ਤਾਇਨਾਤ ਕੀਤੇ ਜਾਣ ਜੋ ਵਾਹਨਾਂ ਦੀ ਪਾਰਕਿੰਗ ਨੂੰ ਨਿਯੰਤਰਣ ਕਰ ਸਕਣ।

ਮੀਟਿੰਗ ਦੌਰਾਨ ਬੈਂਕਾਂ ਦੇ ਕਰਜ਼ੇ ਅਤੇ ਸੀ.ਡੀ. ਰੇਸ਼ੋ ਬਾਰੇ ਵੀ ਚਰਚਾ ਕੀਤੀ ਗਈ ਅਤੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਰੀਪੋਰਟ ਲਈ ਗਈ। ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਰੋਜ਼ਗਾਰ ਸ਼ੁਰੂ ਕਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਅਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਪਣੀ ਉਪਜੀਵਕਾ ਕਮਾਉਣ ਲਈ ਸਰਕਾਰ ਦੀ ਸਕੀਮਾਂ ਤਹਿਤ ਲੋਨ ਪਹਿਲ ਦੇ ਅਧਾਰ ’ਤੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ਸਬੰਧਤ ਯੋਗ ਵਿਅਕਤੀਆਂ ਦੀਆਂ ਲੋਨ ਨਾਲ ਸਬੰਧਤ ਜੋ ਵੀ ਫਾਈਲਾਂ ਬੈਂਕਾਂ ਵੱਲ ਬਕਾਇਆ ਪਈਆਂ ਹਨ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਸਕੀਮਾਂ ਦੀ ਸਮੀਖਿਆ ਵੀ ਕੀਤੀ ਗਈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਰ-ਸੇਟੀ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ 50 ਲੱਖ ਰੁਪਏ ਵੀ ਮਨਜ਼ੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਰ-ਸੇਟੀ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਤਰਾਂ ਦੇ ਕਿੱਤਾ-ਮੁਖੀ ਕੋਰਸ ਕਰਵਾਏ ਜਾਣਗੇ ਜਿਨ੍ਹਾਂ ਨੂੰ ਕਰਕੇ ਨੌਜਵਾਨ ਰੋਜ਼ਗਾਰ ਦੇ ਕਾਬਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨਾਂ ਲਈ ਆਰ-ਸੇਟੀ ਵਰਦਾਨ ਸਾਬਤ ਹੋਵੇਗੀ।

ਇਸ ਮੌਕੇ ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ ਨੇ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਰੀਪੋਰਟ ਪੇਸ਼ ਕੀਤੀ ਅਤੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੋਬਾਇਲ ਫੋਨ ਰਾਹੀਂ ਹੁੰਦੇ ਫਰਾਡ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕਦੀ ਵੀ ਕਿਸੇ ਨਾਲ ਮੋਬਾਇਲ ’ਤੇ ਆਏ ਓ.ਟੀ.ਪੀ. ਨੰਬਰ ਨੂੰ ਸ਼ੇਅਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੈਸੇ ਦਾ ਆਨ-ਲਾਈਨ ਭੁਗਤਾਨ ਕਰਨ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ।

Written By
The Punjab Wire