ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ
ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਕਰਵਾਈ ਜਾਵੇਗੀ ਇੰਟਰਨਸ਼ਿਪ – ਡਿਪਟੀ ਕਮਿਸ਼ਨਰ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਨਾ ਸ੍ਰੋਤ ਰਹਿਣਗੇ – ਐੱਸ.ਐੱਸ.ਪੀ. ਹਰੀਸ਼ ਦਾਯਿਮਾ
ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਸਤਿਕਾਰ ਅਤੇ ਸ਼ਾਂਤੀ ਮਾਰਚ ਕੱਢਿਆ ਗਿਆ
ਗੁਰਦਾਸਪੁਰ, 23 ਮਾਰਚ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਤਹਿਤ ਕਾਲਜਾਂ ਵਿੱਚ ਪੜ੍ਹ ਰਹੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਕਾਰੀ ਦਫ਼ਤਰਾਂ ਵਿੱਚ ਇੰਟਰਨਸ਼ਿਪ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਸੁਖਜਿੰਦਰ ਗੁਰੱਪ ਆਫ ਇੰਸਟੀਚਿਊਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਜਰੀਏ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਆਪਣੀ ਪ੍ਰਤਿਭਾ ਅਤੇ ਹੁਨਰ ਨੂੰ ਸਮਾਜ ਦੀ ਬੇਹਤਰੀ ਲਈ ਇਸਤੇਮਾਲ ਕਰ ਸਕਣਗੇ ਅਤੇ ਇਹ ਪ੍ਰੋਗਰਾਮ ਉਨ੍ਹਾਂ ਦੇ ਤਜ਼ਰਬੇ ਵਿੱਚ ਬਹੁਤ ਅਹਿਮ ਸਾਬਤ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਲਈ ਹਰ ਸਾਲ ਯੂਥ ਕਨਵੈਨਸ਼ਨ ਕਰਵਾਈ ਜਾਵੇਗੀ ਜਿਸ ਤਹਿਤ ਪ੍ਰਸ਼ਾਸਨ ਵੱਲੋਂ ਯੂਥ ਕਲੱਬਾਂ ਦੇ ਵੱਖ-ਵੱਖ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਸ਼ਹੀਦ ਭਗਤ ਸਿੰਘ ਤੇ ਉਸਦੇ ਸਾਥੀਆਂ ਦੇ ਯੋਗਦਾਨ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਆਪਣੇ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਹੈ ਅਤੇ ਸਾਨੂੰ ਅੱਜ ਸ਼ਹੀਦੀ ਦਿਵਸ ਮੌਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਸ਼ਹੀਦਾਂ ਵੱਲੋਂ ਮਹਿੰਗੇ ਮੁੱਲ ਲੈ ਕੇ ਦਿੱਤੀ ਅਜ਼ਾਦੀ ਨੂੰ ਨਾ ਸਿਰਫ ਕਾਇਮ ਰੱਖਣਗੇ ਬਲਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਵੀ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅੱਜ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਇਨਕਲਾਬ ਲਿਆਉਣ ਦੀ ਲੋੜ ਹੈ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦਾਯਮਾ ਹਰੀਸ਼ ਓਮਪ੍ਰਕਾਸ਼ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਸਾਡੇ ਉਹ ਕੌਮੀ ਨਾਇਕ ਹਨ ਜੋ ਹਮੇਸ਼ਾਂ ਦੇਸ਼ ਵਾਸੀਆਂ ਦੇ ਪ੍ਰੇਰਨਾ ਸ੍ਰੋਤ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਧਰਮ, ਜਾਤ, ਵਰਗ, ਭਾਸ਼ਾ ਤੇ ਖੇਤਰ ਦੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸੱਚੇ ਭਾਰਤੀ ਬਣਨਾ ਚਾਹੀਦਾ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹਮੇਸ਼ਾਂ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਈਏ।
ਇਸ ਤੋਂ ਪਹਿਲਾਂ ਸ. ਤਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਪ੍ਰੋ ਰਾਜ ਕੁਮਾਰ ਸ਼ਰਮਾਂ, ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਇਸ ਮੌਕੇ ਸ. ਸਵਿੰਦਰ ਸਿੰਘ ਗਿੱਲ, ਚੇਅਰਮੈਨ, ਸੁਖਜਿੰਦਰਾ ਗੁਰੱਪ ਆਫ ਇੰਸਟੀਚਿਊਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ।
ਇਸ ਮੌਕੇ ਸੁਖਜਿੰਦਰਾ ਗੁਰੱਪ ਆਫ ਇੰਸਟੀਚਿਊਟ ਗੁਰਦਾਸਪੁਰ ਅਤੇ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਦੇ ਵਿਦਿਆਰੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਸ਼ਹੀਦ ਭਗਤ ਸਿੰਘ ਉੱਪਰ ਜੋਸ਼ੀਲੀ ਵਾਰ ਵੀ ਪੇਸ਼ ਕੀਤੀ।
ਸਮਾਗਮ ਦੇ ਅਖੀਰ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਸਤਿਕਾਰ ਅਤੇ ਸ਼ਾਂਤੀ ਮਾਰਚ ਵੀ ਕੱਢਿਆ ਗਿਆ ਜਿਸਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ, ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਸੁਖਜਿੰਦਰਾ ਕਾਲਜ ਤੋਂ ਰਵਾਨਾ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਲੰਘਦਾ ਹੋਇਆ ਸਮਾਪਤ ਹੋਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸ੍ਰੀ ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟਸ, ਪ੍ਰੋ. ਸੋਨੂੰ, ਪ੍ਰੋ. ਪ੍ਰਬੋਧ ਗਰੋਵਰ, ਡਾ. ਸ਼ਾਮ ਸਿੰਘ, ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ, ਡਾ. ਸੁਜਾਨ ਸਿੰਘ ਬਟਾਲਾ, ਡਾ. ਸੁਖਵਿੰਦਰ ਕੌਰ ਅਤੇ ਹੋਰ ਅਧਿਕਾਰੀ, ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੇ ਮੈਂਬਰ ਅਤੇ ਮੋਹਤਬਰ ਹਾਜ਼ਰ ਸਨ।