ਦਿੱਲੀ, 24 ਮਾਰਚ 2023 (ਦੀ ਪੰਜਾਬ ਵਾਇਰ)। ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਸੂਰਤ ਦੀ ਅਦਾਲਤ ਨੇ ਕੱਲ੍ਹ ਹੀ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਾਨਹਾਨੀ ਦੇ ਮਾਮਲੇ ਵਿੱਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਹੀ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀਆਂ ਦਾ ਦੋਸ਼ ਲੱਗਾ ਸੀ। ਜਿਸ ਦੇ ਖਿਲਾਫ ਗੁਜਰਾਤ ਦੇ ਬੀਜੇਪੀ ਵਿਧਾਇਕ ਪੂਰਨੇਸ਼ ਮੋਦੀ ਨੇ ਰਾਹੁਲ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
ਲੋਕ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਸੱਤ ਲਾਈਨਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੂੰ ਸੂਰਤ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਹ ਅਯੋਗਤਾ ਉਸ ਦੇ ਦੋਸ਼ੀ ਠਹਿਰਾਏ ਜਾਣ ਦੇ ਦਿਨ ਭਾਵ 23 ਮਾਰਚ, 2023 ਤੋਂ ਲਾਗੂ ਹੋਵੇਗੀ। ਇਹ ਫੈਸਲਾ ਸੰਵਿਧਾਨ ਦੀ ਧਾਰਾ 102 (1) (ਈ) ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 ਦੇ ਤਹਿਤ ਲਿਆ ਗਿਆ ਹੈ।