ਗੁਰਦਾਸਪੁਰ, 27 ਮਾਰਚ 2023 (ਮੰਨਣ ਸੈਣੀ)। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੇ ਮੱਦੇਨਜ਼ਰ ਬੀਤੇ ਕੱਲ਼ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ ਦੇ ਬੁੱਤ ਅੱਗੇ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੈਨਰ ਤਲੇ ਸੱਤਿਆਗ੍ਰਹਿ ਅੰਦੋਲਨ ਕੀਤਾ ਗਿਆ। ਇਸ ਮੌਕੇ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ ਅਤੇ ਸੰਵਿਧਾਨ ਦੀਆ ਧੱਜਿਆ ਉੜਾਇਆਂ ਜਾ ਰਹੀਆਂ ਹਨ। ਇਸ ਕਾਰਨ ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਵੱਲੋਂ ਸੱਤਿਆਗ੍ਰਹਿ ਕੀਤਾ ਜਾ ਰਿਹਾ ਹੈ। ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਰਣਨੀਤੀ ਪਹਿਲਾਂ ਹੀ ਘੜੀ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਭਾਰਤ ਜੋੜੋ ਯਾਤਰਾ ਨੇ ਵੀ ਕੇਂਦਰ ਸਰਕਾਰ ਨੂੰ ਬੁਖਲਾਹਟ ਵਿੱਚ ਪਾ ਦਿੱਤਾ ਹੈ ਅਤੇ ਜਿਸ ਤਰ੍ਹਾਂ ਰਾਹੁਲ ਗਾਂਧੀ ਨੇ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸਰਕਾਰ ਅੱਗੇ ਜੋ ਸਵਾਲ ਰੱਖੇ ਹਨ, ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ ਹੈ। .
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਅਹਿਮ ਬਿਆਨ ਕਿ ਅਡਾਨੀ ਹੀ ਸਰਕਾਰ ਹੈ ਅਤੇ ਸਰਕਾਰ ਅਡਾਨੀ ਹੈ ਅਤੇ ਜੇਕਰ ਅਡਾਨੀ ਡੁੱਬਦਾ ਹੈ ਤਾਂ ਭਾਰਤ ਵੀ ਡੁੱਬ ਜਾਂਦਾ ਹੈ। ਕੇਂਦਰ ਸਰਕਾਰ ਜ਼ਬਰਦਸਤੀ ਅਡਾਨੀ ਦੇ ਪੈਸੇ ਨੂੰ ਐਲਆਈਸੀ ਅਤੇ ਹੋਰ ਵਿਭਾਗਾਂ ਵਿੱਚ ਨਿਵੇਸ਼ ਕਰ ਰਹੀ ਹੈ। ਜਦਕਿ ਰਾਹੁਲ ਗਾਂਧੀ ਵੱਲੋਂ ਇਸ ਗੱਲ ਨੂੰ ਲਗਾਤਾਰ ਉਭਾਰਿਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹੀ ਹੁਕਮ ਦਿੱਤੇ ਹਨ ਅਤੇ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਮਤੀ ਮੈਂਬਰ, ਸਮੂਹ ਕੌਂਸਲਰ, ਸਰਪੰਚ-ਪੰਚ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।