Close

Recent Posts

ਪੰਜਾਬ ਮੁੱਖ ਖ਼ਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ, ਪੁਲਿਸ ਗ੍ਰਿਫਤਾਰ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਕਰੇ ਰਿਹਾਅ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ, ਪੁਲਿਸ ਗ੍ਰਿਫਤਾਰ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਕਰੇ ਰਿਹਾਅ
  • PublishedMarch 27, 2023

ਜਥੇਦਾਰ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ

ਅੰੰਮਿ੍ਤਸਰ, 27 ਮਾਰਚ 2023 (ਦੀ ਪੰਜਾਬ ਵਾਇਰ)। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਅੰਮ੍ਰਿਤਪਾਲ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਨੌਜਵਾਨਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕਰਨ ਲਈ ਕਿਹਾ ਜਾਂਦਾ ਹੈ। ਜੇਕਰ ਸਰਕਾਰ ਨੇ ਇਸ ਨੂੰ ਲਾਗੂ ਨਾ ਕੀਤਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਕਾਰ ਵਿਰੁੱਧ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।

ਅੰਮ੍ਰਿਤਪਾਲ ਵੱਲੋਂ 23 ਫਰਵਰੀ ਨੂੰ ਥਾਣਾ ਅਜਨਾਲਾ ਦਾ ਘਿਰਾਓ ਕਰਨ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਹਾਲਾਤਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਸੱਦੀ ਗਈ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ 60 ਤੋਂ ਵੱਧ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਜਿਸ ਤੋਂ ਬਾਅਦ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਫੜੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਸਿਰਫ਼ ਬੁੱਧੀਜੀਵੀਆਂ ਅਤੇ ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਹੀ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।

ਮੀਟਿੰਗ ਤੋਂ ਬਾਅਦ ਬਾਹਰ ਆਏ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇਣ ‘ਤੇ ਸਹਿਮਤੀ ਬਣੀ ਹੈ ਅਤੇ ਉਸ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਸਿਰਫ਼ ਦੋ ਮਿੰਟ ਬੋਲਣ ਦਾ ਸਮਾਂ ਦਿੱਤਾ ਗਿਆ। ਇਸ ਸਮੇਂ ਸਿਰਫ ਸੁਝਾਅ ਲਏ ਗਏ।

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਵੱਡੇ ਪੱਧਰ ‘ਤੇ ਪੁਲਿਸ ਕਾਰਵਾਈ ਹੋਈ ਅਤੇ ਸਿੱਖ ਨੌਜਵਾਨਾਂ ਨੂੰ ਫੜਿਆ ਗਿਆ, ਉਹ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਹਨ। ਡੈਲੀਗੇਟਾਂ ਵੱਲੋਂ ਕਈ ਸੁਝਾਅ ਦਿੱਤੇ ਗਏ।

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਸਿਆਸੀ ਪਾਰਟੀਆਂ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ ਕਿਉਂਕਿ ਮੀਟਿੰਗ ਸਿਆਸੀ ਪਾਰਟੀਆਂ ਨੂੰ ਬੁਲਾਉਣ ਨਾਲ ਸਿਆਸਤ ਹੋ ਜਾਂਦੀ ਹੈ। ਜੋ ਕਿ ਹਾਲਾਤਾਂ ਨੂੰ ਦੇਖਦੇ ਹੋਏ ਠੀਕ ਨਹੀਂ ਹੈ। ਇਸ ਵਿੱਚ ਸਿਰਫ਼ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਬੁੱਧੀਜੀਵੀਆਂ ਨੇ ਹੀ ਆਪਣੇ ਵਿਚਾਰ ਪ੍ਰਗਟ ਕੀਤੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੇ ਕੋਈ ਅਪਰਾਧ ਨਹੀਂ ਕੀਤਾ ਹੈ ਤਾਂ ਉਸ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਚਾਹੀਦਾ ਹੈ। ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਨੌਜਵਾਨਾਂ ‘ਤੇ ਤਸ਼ੱਦਦ ਕਰਨ ਦੀ ਬਜਾਏ ਉਨ੍ਹਾਂ ਨਾਲ ਹਮਦਰਦੀ ਕਰੇ।

Written By
The Punjab Wire