ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਵਿਕਾਸ ਤੇ ਤਾਲਮੇਲ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਵਿਕਾਸ ਤੇ ਤਾਲਮੇਲ ਕਮੇਟੀ ਦੀ ਮੀਟਿੰਗ
  • PublishedApril 3, 2023

ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 3 ਅਪ੍ਰੈਲ 2023 (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤੇ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਉੱਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 110 ਸਾਂਝਾ ਜਲ ਤਲਾਬ ਬਣਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਵਿਚੋਂ 31 ਸਾਝਾਂ ਜਲ ਤਲਾਬ ਬਣ ਕੇ ਤਿਆਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਰਹਿੰਦੇ ਤਲਾਬਾਂ ਨੂੰ ਤਿਆਰ ਕਰਨ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਂਝਾ ਜਲ ਤਲਾਬਾਂ ਵਿੱਚ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕੀਤਾ ਜਾਵੇ ਤਾਂ ਜੋ ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੇ ਨਾਲ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਦੋ ਪਿੰਡਾਂ ਕਲੇਰ ਕਲਾਂ ਅਤੇ ਭੋਪੁਰ ਸੈਦਾਂ ਨੂੰ ਆਦਰਸ਼ ਗ੍ਰਾਂਮ ਬਣਾਉਣ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਨੈਸ਼ਨਲ ਹੈਲਥ ਮਿਸ਼ਨ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਰੀਵਿਊ ਕੀਤਾ ਗਿਆ। ਇਸੇ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਹਿ ਗਏ ਵਿਅਕਤੀਆਂ ਨੂੰ ਕੋਵਿਡ-19 ਦੀ ਵੈਕਸੀਨ ਅਤੇ ਬੂਸਟਰ ਡੋਜ਼ ਲਗਾਉਣ ਦਾ ਕੰਮ ਵੀ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ 12 ਸਾਇੰਸ ਲੈਬ, 7 ਐਡੀਸ਼ਨਲ ਕਲਾਸ ਰੂਮ ਅਤੇ ਕਮਰਸ ਰੂਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਦੀ ਵੰਡ ਹੋ ਰਹੀ ਹੈ। ਇਸਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸਕਾਲਰਸ਼ਿਪ ਯੋਜਨਾਵਾਂ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਫੂਡ ਸਕਿਓਰਟੀ ਐਕਟ, ਡਿਜ਼ੀਟਲ ਇੰਡੀਆ ਅਤੇ ਲੈਂਡ ਰਿਕਾਰਡਜ਼, ਸਵੱਛ ਭਾਰਤ ਮਿਸ਼ਨ ਸ਼ਹਿਰੀ ਅਤੇ ਗ੍ਰਾਮੀਣ, ਮਨਰੇਗਾ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਨੈਸ਼ਨਲ ਰੂਰਲ ਡਰਕਿੰਗ ਵਾਟਰ ਯੋਜਨਾ, ਐੱਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਦਾ ਰੀਵਿਊ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਨਵੇਂ ਵਿੱਤੀ ਵਰ੍ਹੇ ਅੰਦਰ ਹੋਰ ਵਿਕਾਸ ਕਾਰਜਾਂ ਦੀ ਅਰੰਭਤਾ ਕਰਕੇ ਨੇਪਰੇ ਚਾੜਿਆ ਜਾਵੇ। ਇਸ ਸਾਲ ਹੋਣ ਵਾਲੇ ਕੰਮਾਂ ਦੀਆਂ ਤਜਵੀਜਾਂ ਬਣਾ ਕੇ ਭੇਜੀਆਂ ਜਾਣ।

Written By
The Punjab Wire