ਗੁਰਦਾਸਪੁਰ, 4 ਅਪ੍ਰੈਲ 2023 (ਮੰਨਣ ਸੈਣੀ) । ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਹੀ ਚਲਾਉਣ ਅਤੇ ਸੂਰਜ ਢਲਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਭਾਵ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾ ਚਲਾਉਣ `ਤੇ ਪੂਰਨ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ।
ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜਨ ਸਾਲ 2023 ਸੁਰੂ ਹੋ ਗਿਆ ਹੈ ਅਤੇ ਆਮ ਤੌਰ `ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ `ਤੇ ਕਾਲੀ ਪੈ ਜਾਂਦੀ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਟੀ ਘੱਟ ਜਾਂਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਰ ਦੇਸ਼ ਦੇ ਉਤਪਾਦਨ `ਤੇ ਪੈਂਦਾ ਹੈ। ਅਜਿਹੀ ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਦ ਨੇ ਕਿਹਾ ਕਿ ਉਪਰੋਕਤ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾ ਚਲਾਉਣ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਇਹ ਹੁਕਮ 1 ਅਪ੍ਰੈਲ 2023 ਤੋਂ 31 ਮਈ 2023 ਤੱਕ ਲਾਗੂ ਰਹਿਣਗੇ।