‘ਰੰਗਲਾ ਪੰਜਾਬ’ ਪ੍ਰੋਗਰਾਮ ਵਿੱਚ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ ਪੇਸ਼ ਕਰਨ ਦੇ ਨਾਲ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ
6 ਮਈ ਨੂੰ ਬਟਾਲਾ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮਨਾਈ ਜਾਵੇਗੀ
ਕਲਾ ਕੇਂਦਰ ਗੁਰਦਾਸਪੁਰ ਨੂੰ ਸੁਰਜੀਤ ਕਰਨ ਅਤੇ ਹੈਰੀਟੇਜ ਸਟਰੀਟ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ
ਗੁਰਦਾਸਪੁਰ, 5 ਅਪ੍ਰੈਲ2023 (ਮੰਨਣ ਸੈਣੀ ) – ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 13 ਅਪ੍ਰੈਲ ਨੂੰ ਸ਼ਾਮ 6:00 ਤੋਂ 8:00 ਵਜੇ ਤੱਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ‘ਰੰਗਲਾ ਪੰਜਾਬ’ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਨ ਦੇ ਨਾਲ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਵੀ ਕਰਵਾਏ ਜਾਣਗੇ।
ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਰੰਗਲਾ ਪੰਜਾਬ’ ਥੀਮ ’ਤੇ ਅਧਾਰਤ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ।
ਇਸੇ ਦੌਰਾਨ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਸਬੰਧੀ 6 ਮਈ ਨੂੰ ਬਟਾਲਾ ਵਿਖੇ ਹੀ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਦੇ ਬਰਸੀ ਸਮਾਗਮ ਮੌਕੇ ਸ਼ਿਵ ਆਡੀਟੋਰੀਅਮ ਵਿਖੇ ਕਵੀ ਦਰਬਾਰ, ਸ਼ਿਵ ਬਟਾਲਵੀ ਦੀ ਗਾਇਕੀ ਅਤੇ ਨਾਟ ਸ਼ਰੋਮਣੀ ਸ੍ਰੀ ਕੇਵਲ ਧਾਲੀਵਾਲ ਵੱਲੋਂ ਕਾਵਿ-ਨਾਟ ਲੂਣਾ ਦਾ ਮੰਚਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਸ਼ਹਿਰ ਵਿੱਚ ਬਣੇ ਕਲਾ ਕੇਂਦਰ ਨੂੰ ਸੁਰਜੀਤ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਲਾ ਕੇਂਦਰ ਦੀ ਮੁਰੰਮਤ ਦੇ ਕਾਰਜ ਨੂੰ ਵੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਕਲਾ ਕੇਂਦਰ ਗੁਰਦਾਸਪੁਰ ਨੂੰ ਦੁਬਾਰਾ ਤੋਂ ਕਲਾ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਡੇਰਾ ਬਾਬਾ ਨਾਨਕ ਵਿਖੇ ਬਣ ਰਹੀ ਹੈਰੀਟੇਜ ਸਟਰੀਟ ਦੇ ਕੰਮ ਨੂੰ ਵੀ ਜਲਦ ਮੁਕੰਮਲ ਕਰਨ ਦੀਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਸ਼ੋਭਾ ਸਿੰਘ ਆਰਟ ਗੈਲਰੀ ਨੂੰ ਵੀ ਮੁੜ ਸੁਰਜੀਤ ਕਰਨ ’ਤੇ ਵਿਚਾਰ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਵਿਸਥਾਰਤ ਰੀਪੋਰਟ ਦੀ ਮੰਗੀ। ਇਸਦੇ ਨਾਲ ਹੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਧਾਰਮਿਕ ਅਤੇ ਇਤਿਹਾਸਕ ਵਿਰਾਸਤਾਂ ਦੇ ਦਰਸ਼ਨ ਲਈ ਚਲਾਏ ਜਾ ਰਹੇ ‘ਵਿਰਸਾ ਦਰਸ਼ਨ’ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਪੰਦਰਾਂ ਦਿਨਾਂ ਬਾਅਦ ਬਟਾਲਾ ਅਤੇ ਗੁਰਦਾਸਪੁਰ ਤੋਂ ਵਿਰਸਾ ਦਰਸ਼ਨ ਲਈ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨੂੰ ਜਾਣ ਸਕੇ। ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਸਬੰਧੀ ਵੀ ਮਤਾ ਪਾਸ ਕੀਤਾ ਗਿਆ।
ਮੀਟਿੰਗ ਦੌਰਾਨ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਸ. ਲਵਪ੍ਰੀਤ ਸਿੰਘ, ਸ੍ਰੀ ਅਸ਼ਵਨੀ ਥਾਪਾ ਜੇ.ਈ. ਸੈਰ ਸਪਾਟਾ ਵਿਭਾਗ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।