ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ ਬਾਗਬਾਨੀ ਅਸਟੇਟ ਪ੍ਰਵਾਨ ਕਰਨ ਉਪਰੰਤ ਜ਼ਿਲ੍ਹੇ ਵਿੱਚ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਖੇਤੀ ਨਾਲ ਸਬੰਧਤ ਸਹਾਇਕ ਕਿੱਤਿਆਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼
ਪਾਵਰਕਾਮ ਦੇ ਅਧਿਕਾਰੀਆਂ ਨੂੰ ਪਹਿਲ ਦੇ ਅਧਾਰ `ਤੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਤੇ ਟਰਾਂਸਫਾਰਮ ਠੀਕ ਕਰਨ ਦੇ ਹੁਕਮ ਦਿੱਤੇ
ਗੁਰਦਾਸਪੁਰ, 11 ਅਪ੍ਰੈਲ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਬਾਗਬਾਨੀ ਅਤੇ ਸਬਜ਼ੀਆਂ ਦੀ ਵੱਧ ਤੋਂ ਵੱਧ ਕਾਸ਼ਤ ਕਰਨ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਰਾਹੀਂ ਜਿਥੇ ਕਿਸਾਨ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ ਓਥੇ ਇਸ ਨਾਲ ਜ਼ਮੀਨ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ।
ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਗਬਾਨੀ ਅਸਟੇਟ ਪ੍ਰਵਾਨ ਕਰ ਲਈ ਗਈ ਹੈ ਜਿਸ ਤਹਿਤ ਜ਼ਿਲ੍ਹੇ ਵਿੱਚ ਬਾਗਬਾਨੀ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਤ ਕੀਤਾ ਜਾਵੇਗਾ।
ਇਸਦੇ ਨਾਲ ਹੀ ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜ਼ਿਲ੍ਹੇ ਵਿੱਚ ਖੂੰਬਾਂ ਅਤੇ ਢੀਂਗਰੀ ਦੀ ਕਾਸ਼ਤ ਨੂੰ ਵੀ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸ਼ਹਿਰ ਕਰਤਾਰਪੁਰ ਦੀ ਸਰਕਾਰੀ ਨਰਸਰੀ ਵਿੱਚੋਂ ਸਬਜ਼ੀਆਂ ਦੇ ਬੀਜ਼ ਸਬਸਿਡੀ ਉੱਪਰ ਮਿਲਦੇ ਹਨ ਅਤੇ ਕਿਸਾਨ ਓਥੋਂ ਵੀ ਬੀਜ਼ ਖਰੀਦ ਸਕਦੇ ਹਨ। ਇਸਦੇ ਨਾਲ ਹੀ ਫੁੱਲਾਂ ਦੀ ਕਾਸ਼ਤ ਅਤੇ ਮਧੂ ਮੱਖੀ ਪਾਲਣ ਦੇ ਕਿੱਤੇ ਨੂੰ ਵੀ ਉਤਸ਼ਾਹਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤਾਂ ਦੀ ਮਿੱਟੀ ਦੇ ਸੈਂਪਲ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਜਰੂਰ ਕਰਾਉਣ ਤਾਂ ਜੋ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕੇਵਲ ਜ਼ਮੀਨ ਨੂੰ ਲੋੜੀਂਦੇ ਤੱਤਾਂ ਦੀ ਖਾਦ ਹੀ ਪਾਈ ਜਾਵੇਗੀ ਜਿਸ ਨਾਲ ਖੇਤੀ ਲਾਗਤ ਘੱਟ ਹੋਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਹੁਣ ਤੋਂ ਹੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ। ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਕਰੀ ਪਾਲਣ ਦੇ ਕਿੱਤੇ ਨੂੰ ਵੀ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਡੇਅਰੀ ਵਿਕਾਸ ਵਿਭਾਗ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਵੱਲ ਉਤਸ਼ਾਹਤ ਕਰਨ। ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਪੰਚਾਇਤੀ ਛੱਪੜਾਂ ਅਤੇ ਸਾਂਝੇ ਜਲ ਤਲਾਬਾਂ ਵਿੱਚ ਵੀ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀ ਕਿ ਉਹ ਖੇਤਾਂ ਵਿੱਚੋਂ ਲੰਗਦੀਆਂ ਬਿਜਲੀ ਦੀਆਂ ਤਾਰਾਂ, ਟਰਾਂਸਫਾਰਮਾਂ ਨੂੰ ਪਹਿਲਾਂ ਹੀ ਠੀਕ ਕਰ ਲੈਣ ਤਾਂ ਜੋ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਮੌਕੇ ਖੇਤੀ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਵਿਚਾਰਿਆ ਗਿਆ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਖੇਤੀਬਾੜੀ ਅਫ਼ਸਰ ਸ੍ਰੀ ਰਣਧੀਰ ਸਿੰਘ ਠਾਕੁਰ, ਐਕਸੀਅਨ ਵਿਨੇ ਕੁਮਾਰ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਤਜਿੰਦਰ ਸਿੰਘ ਬਾਜਵਾ, ਸ. ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਸ. ਪ੍ਰਭਜੋਤ ਸਿੰਘ ਡੀ.ਪੀ.ਡੀ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ, ਗੁਰਦਿਆਲ ਸਿੰਘ, ਕੰਵਲਜੀਤ ਸਿੰਘ ਲਾਲੀ ਪੰਜਗਰਾਈਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।