ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਕੇ ਇਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਂਮ ਯੋਜਨਾ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਯੋਜਨਾ ਦਾ ਰੀਵਿਊ ਕੀਤਾ

ਗੁਰਦਾਸਪੁਰ, 11 ਅਪ੍ਰੈਲ 2023 (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਂਮ ਯੋਜਨਾ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਪ੍ਰਧਾਨ ਮੰਤਰੀ ਆਦਰਸ਼ ਯੋਜਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਤਿਆਰ ਕੀਤੀ ਵੀ.ਡੀ.ਪੀ. ਅਨੁਸਾਰ ਕੰਮ ਕਰਵਾ ਕੇ ਵਰਤੋਂ ਸਰਟੀਫਿਕੇਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਨੂੰ ਜਮ੍ਹਾਂ ਕਰਵਾਉਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ 19 ਪਿੰਡਾਂ ਦੇ ਹਾਊਸਹੋਲ ਸਰਵੇ ਨੂੰ ਮੁਕੰਮਲ ਕਰਕੇ ਪੋਰਟਲ ’ਤੇ ਅਪਡੇਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਯੋਜਨਾ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਬਣ ਰਹੇ 276 ਆਂਗਨਵਾੜੀ ਕੇਂਦਰਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਮੀਟਿੰਗ ਦੌਰਾਨ ਸਮਾਜਿਕ ਨਿਆਂ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਦਾ ਵੀ ਰੀਵਿਊ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਗੁਰਦਾਸਪੁਰ ਵਿੱਚ ਕੁੱਲ 6417 ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾਂ ਮਨਜ਼ੂਰ ਕੀਤੀ ਗਈ ਹੈ ਅਤੇ ਸਕਾਲਰਸ਼ਿਪ ਦਾ ਪੋਰਟਲ ਅਜੇ ਵੀ ਚਾਲੂ ਅਤੇ ਜੇਕਰ ਕੋਈ ਵਿਦਿਆਰਥੀ ਅਜੇ ਵੀ ਅਪਲਾਈ ਕਰਦਾ ਹੈ ਤਾਂ ਨਿਯਮਾਂ ਅਨੁਸਾਰ ਉਸਨੂੰ ਸਕਾਲਰਸ਼ਿਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ਮੌਕੇ 51,000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਅਸ਼ੀਰਵਾਦ ਲਈ ਅਰਜ਼ੀ ਹੁਣ ਆਨ-ਲਾਈਨ ਪੋਰਟਲ ਉੱਪਰ ਹੀ ਅਪਲਾਈ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਅਤੇ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਕੇ ਇਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ। ਮੀਟਿੰਗ ਦੌਰਾਨ ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਸ. ਸੁਖਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version