ਬਠਿੰਡਾ, 12 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਬੁੱਧਵਾਰ ਤੜਕੇ 04:35 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ‘ਚ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਸਰਚ ਆਪਰੇਸ਼ਨ ਜਾਰੀ ਹੈ। ਬਠਿੰਡਾ ਵਿੱਚ ਆਰਮੀ ਕੈਂਟ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ।
ਦਰਅਸਲ ਬਠਿੰਡਾ ਮਿਲਟਰੀ ਸਟੇਸ਼ਨ ‘ਚ ਬੁੱਧਵਾਰ ਸਵੇਰੇ ਕਰੀਬ ਸਾਢੇ ਚਾਰ ਵਜੇ ਗੋਲੀਬਾਰੀ ਕਾਰਨ ਹੜਕੰਪ ਮਚ ਗਿਆ। ਸੂਤਰਾਂ ਮੁਤਾਬਕ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਆਮ ਨਾਗਰਿਕ ਹਨ ਜਾਂ ਫੌਜ ਦੇ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਮੁਤਾਬਕ ਫੌਜ ਮੁਖੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਪੂਰੇ ਮਾਮਲੇ ਦੀ ਅਧਿਕਾਰਤ ਜਾਣਕਾਰੀ ਦੇਣਗੇ।
ਫੌਜ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੰਜਾਬ ਪੁਲਸ ਨੂੰ ਛਾਉਣੀ ਦੇ ਬਾਹਰ ਹੀ ਰੋਕ ਲਿਆ ਗਿਆ ਅਤੇ ਦੱਸਿਆ ਗਿਆ ਕਿ ਫੌਜ ਦਾ ਸਰਚ ਆਪਰੇਸ਼ਨ ਅਜੇ ਵੀ ਜਾਰੀ ਹੈ। ਸੂਤਰਾਂ ਨੇ ਦੱਸਿਆ ਕਿ ਫੌਜ ਦੇ ਅਧਿਕਾਰੀਆਂ ਨੇ ਛਾਉਣੀ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਬਠਿੰਡਾ ਮਿਲਟਰੀ ਸਟੇਸ਼ਨ ਦੇ ਗਾਰਡ ਰੂਮ ਵਿੱਚੋਂ ਇੱਕ ਇੰਸਾਸ ਰਾਈਫਲ ਚੋਰੀ ਹੋ ਗਈ ਸੀ। ਅੱਜ ਦੀ ਘਟਨਾ ਨੂੰ ਇਸੇ ਨਾਲ ਜੋੜਿਆ ਜਾ ਰਿਹਾ ਹੈ। ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।