Close

Recent Posts

ਪੰਜਾਬ ਮੁੱਖ ਖ਼ਬਰ

ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ

ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ
  • PublishedApril 12, 2023

ਕਾਹਨੂੰਵਾਨ ਛੰਬ ਖੇਤਰ ਦੇ ਖੇਤਾਂ ਵਿੱਚ ਜਾ ਕੇ ਬਾਰਸ਼ ਕਾਰਨ ਖਰਾਬ ਹੋਈ ਕਣਕ ਦੀ ਫਸਲ ਦਾ ਜਾਇਜਾ ਲਿਆ

ਪ੍ਰਮੁੱਖ ਸਕੱਤਰ ਸ੍ਰੀ ਸਿਨਹਾ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ

ਕਿਹਾ ਕਿਸਾਨਾਂ ਦੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ

ਗੁਰਦਾਸਪੁਰ, 12 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸ੍ਰੀ ਅਜੋਏ ਕੁਮਾਰ ਸਿਨਹਾ, ਆਈ.ਏ.ਐੱਸ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਪੰਜਾਬ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਇਲਾਵਾ ਬੇਮੌਸਮੀ ਬਾਰਸ਼ ਕਾਰਨ ਖਰਾਬ ਹੋਈ ਫਸਲ ਦਾ ਜਾਇਜਾ ਲਿਆ ਗਿਆ। ਪ੍ਰਮੁੱਖ ਵਿੱਤ ਸਕੱਤਰ ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦਾਇਮਾ ਹਰੀਸ਼ ਓਮ ਪ੍ਰਕਾਸ਼, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੁਟਿਆਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ੍ਰੀ ਸਚਿਨ ਪਾਠਕ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ, ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਸ੍ਰੀਮਤੀ ਰਜਨੀਸ਼ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਵਿਭਾਗ, ਪੰਜਾਬ (ਪ੍ਰਭਾਰੀ ਸਕੱਤਰ ਜ਼ਿਲ੍ਹਾ ਗੁਰਦਾਸਪੁਰ) ਨੇ ਕਿਹਾ ਕਿ ਕਣਕ ਦੀ ਖਰੀਦ ਲਈ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨੇ, ਤਰਪਾਲਾਂ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਾਫ-ਸਫਾਈ, ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲਾ ਸਾਫ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ, ਬਿਜਲੀ, ਪਖਾਨਿਆਂ ਆਦਿ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਕੱਚੀਆਂ ਮੰਡੀਆਂ ਨੂੰ ਪੱਕਿਆਂ ਕਰਨ ਦੀ ਪ੍ਰਪੋਜਲ ਵੀ ਤਿਆਰ ਕੀਤੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 94 ਮੰਡੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ 1.84 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਫਸਲ ਦੀ ਕਾਸ਼ਤ ਹੋਈ ਹੈ ਅਤੇ 5.30 ਲੱਖ ਮੀਟ੍ਰਿਕ ਟਨ ਦੇ ਕਰੀਬ ਫਸਲ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਉਪਰੰਤ ਸ੍ਰੀ ਅਜੋਏ ਕੁਮਾਰ ਸਿਨਹਾ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਦੇ ਨਾਲ ਕਾਹਨੂੰਵਾਨ ਨੇੜਲੇ ਪਿੰਡ ਝੰਡਾ ਬਲਵੰਡਾ, ਭੈਣੀ ਮੀਆਂ ਖਾਨ ਪਿੰਡਾਂ ਦੇ ਖੇਤਾਂ ਵਿੱਚ ਬਾਰਸ਼ ਕਾਰਨ ਖਰਾਬ ਹੋਈ ਫਸਲ ਦਾ ਜਾਇਜਾ ਵੀ ਲਿਆ ਗਿਆ ਅਤੇ ਕਿਸਾਨਾਂ ਨਾਲ ਗੱਲ-ਬਾਤ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕੱਲ ਤੱਕ 100 ਫੀਸਦੀ ਗਿਰਦਾਵਰੀ ਮੁਕੰਮਲ ਕਰਕੇ ਰੀਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਵਿਸਾਖੀ ਤੋਂ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਡੀ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਵੱਲੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ।

Written By
The Punjab Wire