ਚੇਅਰਮੈਨ ਰਮਨ ਬਹਿਲ ਨੇ ਕਿਸਾਨੀ ਪੱਖੀ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ

ਕਿਸਾਨ ਪੱਖੀ ਫੈਸਲਾ ਕਰਕੇ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 12 ਅਪ੍ਰੈਲ 2023 ( ਮੰਨਣ ਸੈਣੀ) । ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ ਕਿ ‘ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ `ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ `ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ’ ਦਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਕਿਸਾਨ ਪੱਖੀ ਫੈਸਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਹੈ ਅਤੇ ਇਸ ਫੈਸਲੇ ਨਾਲ ਸ੍ਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਵਾਰ ਬੇਮੌਸਮੀ ਬਾਰਸ ਕਾਰਨ ਕਣਕ ਦੀ ਫਸਲ ਦਾ ਭਾਰੀ ਨੁਕਾਸਨ ਹੋਇਆ ਹੈ ਜਿਸ ਕਾਰਨ ਕਣਕ ਦੇ ਝਾੜ ਉਪਰ ਵੀ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ `ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ `ਚ ਜੋ ਕੱਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਇਸ ਨਾਲ ਕਿਸਾਨਾਂ ਨੂੰ ਹੋਰ ਵੀ ਵਿੱਤੀ ਨੁਕਸਾਨ ਝੱਲਣਾ ਪੈਣਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੱਟ ਲਗਾਏ ਗਏ ਭਾਅ ਦੀ ਭਰਪਾਈ ਰਾਜ ਸਰਕਾਰ ਵੱਲੋਂ ਕਰਨ ਦੇ ਫੈਸਲੇ ਨਾਲ ਕਿਸਾਨਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਨੁਕਸਾਨੀ ਗਈ ਫਸਲ ਦਾ ਮੁਆਵਜਾ ਵੀ ਦਿੱਤਾ ਜਾ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਕਿਸਾਨੀ ਉੱਪਰ ਨਿਰਭਰ ਹੈ ਅਤੇ ਜੇਕਰ ਕਿਸਾਨ ਖੁਸ਼ਹਾਲ ਹੈ ਤਾਂ ਸੂਬਾ ਖੁਸ਼ਹਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨੂੰ ਆਪਣੀ ਫਸਲ ਦਾ ਪੂਰਾ ਭਾਅ ਮਿਲੇਗਾ ਤਾਂ ਬਜ਼ਾਰ ਵਿੱਚ ਤੇਜ਼ੀ ਵੀ ਤਾਂ ਹੀ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਦੇ ਕਿਸਾਨਾਂ ਵੱਲੋਂ ਇਸ ਕਿਸਾਨੀ ਪੱਖੀ ਫੈਸਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਦਾ ਧੰਨਵਾਦ ਕਰਦੇ ਹਨ।    

Exit mobile version